ਕਪੂਰਥਲਾ : ਕਪੂਰਥਲਾ ‘ਚ ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਬਾਈਕ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਦੀ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ, ਜਿਸ ਤੋਂ ਬਾਅਦ ਤਿੰਨੋਂ ਬਾਈਕ ਸਵਾਰ ਸੜਕ ‘ਤੇ ਡਿੱਗ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਭਾਨਪੁਰ ਅਤੇ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਅਤੇ ਰੋਡ ਸੇਫਟੀ ਫੋਰਸ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ 108 ਐਂਬੂਲੈਂਸ ਦੀ ਮਦਦ ਨਾਲ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੌਰਚਰੀ ਵਿੱਚ ਭੇਜ ਦਿੱਤਾ।
ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਮਾਂ, ਪੁੱਤਰ ਅਤੇ ਨੂੰਹ ਸ਼ਾਮਲ ਹਨ। ਹਾਦਸੇ ਵਿੱਚ ਸ਼ਾਮਲ ਮੋਟਰਸਾਈਕਲ ਦਾ ਨੰਬਰ ਅੰਮ੍ਰਿਤਸਰ ਦਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਕੋਲੋਂ ਇੱਕ ਸ਼ਨਾਖਤੀ ਕਾਰਡ ਮਿਲਿਆ ਹੈ ਜਿਸ ‘ਤੇ ਆਮਨਾ ਪਤਨੀ ਸਤਨਾਮ ਵਾਸੀ ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਤਿੰਨੋਂ ਅੰਮ੍ਰਿਤਸਰ ਜਾਂ ਇਸ ਦੇ ਆਸਪਾਸ ਦੇ ਰਹਿਣ ਵਾਲੇ ਸਨ।
ਪੁਲਿਸ ਨੇ ਮੌਕੇ ਤੋਂ ਮ੍ਰਿਤਕ ਦਾ ਬੈਗ ਅਤੇ ਬਾਈਕ ਵੀ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਿਸ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਹੋ ਸਕੇ ਅਤੇ ਹਾਦਸੇ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆ ਸਕੇ। ਪੁਲਿਸ ਅਣਪਛਾਤੇ ਵਾਹਨ ਅਤੇ ਉਸਦੇ ਡਰਾਈਵਰ ਦੀ ਭਾਲ ਕਰ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।












