Homeਪੰਜਾਬਅੱਜ ਮੋਗਾ 'ਚ AAP ਦੀ ਮਹਾਰੈਲੀ, 2027 ਦੀਆਂ ਚੋਣਾਂ ਲਈ ਵੱਜੇਗਾ ਬਿਗਲ

ਅੱਜ ਮੋਗਾ ‘ਚ AAP ਦੀ ਮਹਾਰੈਲੀ, 2027 ਦੀਆਂ ਚੋਣਾਂ ਲਈ ਵੱਜੇਗਾ ਬਿਗਲ

ਮੋਗਾ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਅੱਜ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਨੂੰ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।

ਕੇਜਰੀਵਾਲ, ਮੁੱਖ ਮੰਤਰੀ ਮਾਨ ਅਤੇ ਸੀਨੀਅਰ ਆਗੂ ਹੋਣਗੇ ਸ਼ਾਮਲ

ਇਸ ਮਹਾ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਹੋਰ ਆਗੂ ਵੀ ਸਮਾਗਮ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਸਮਰਥਕਾਂ ਦੇ ਮੋਗਾ ਪਹੁੰਚਣ ਦੀ ਤਿਆਰੀ ਹੈ।

116 ਏਕੜ ਵਿੱਚ ਤਿਆਰ ਕੀਤਾ ਗਿਆ ਵਿਸ਼ਾਲ ਪੰਡਾਲ

ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਮਟਵਾਣੀ ਵਿਖੇ ਲਗਭਗ 116 ਏਕੜ ਜ਼ਮੀਨ ਵਿੱਚ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ। ਪਾਰਟੀ ਆਗੂਆਂ ਮੁਤਾਬਕ ਇਸ ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਕੁਝ ਆਗੂਆਂ ਵੱਲੋਂ ਇਹ ਗਿਣਤੀ ਡੇਢ ਲੱਖ ਤੋਂ ਵੀ ਵੱਧ ਦੱਸੀ ਜਾ ਰਹੀ ਹੈ।

ਵੱਡੇ ਇਕੱਠ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ, ਖਾਣੇ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

71 ਉਮੀਦਵਾਰਾਂ ਦੇ ਐਲਾਨ ਨਾਲ ਚੋਣ ਤਿਆਰੀਆਂ ਤੇਜ਼

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਇਹ ਰੈਲੀ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 71 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। ਐਲਾਨੇ ਗਏ ਉਮੀਦਵਾਰਾਂ ਦੇ ਵੀ ਇਸ ਰੈਲੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਮਾਗਮ ਦੌਰਾਨ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਭਵਿੱਖੀ ਵਿਕਾਸ ਲਈ ਆਪਣਾ ਰੋਡਮੈਪ ਵੀ ਲੋਕਾਂ ਸਾਹਮਣੇ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਵਿਰੋਧੀ ਪਾਰਟੀਆਂ ‘ਤੇ ਸਿਆਸੀ ਨਿਸ਼ਾਨੇ ਸਾਧੇ ਜਾਣ ਦੀ ਵੀ ਸੰਭਾਵਨਾ ਹੈ।

ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਹੋਵੇਗੀ ਸ਼ੁਰੂਆਤ

ਇਸ ਮਹਾ ਰੈਲੀ ਦੌਰਾਨ ਪੰਜਾਬ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਯੋਜਨਾ ਵੀ ਖਿੱਚ ਦਾ ਕੇਂਦਰ ਰਹੇਗੀ। ਸਰਕਾਰ ਵੱਲੋਂ ਇਸ ਮੌਕੇ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ਕੀਤੀ ਗਈ ਹੈ। ਇਸ ਯੋਜਨਾ ਦਾ ਮਕਸਦ ਲਾਭਪਾਤਰੀਆਂ ਤੱਕ ਸਮਾਰਟ ਕਾਰਡ ਪਹੁੰਚਾਉਣਾ ਅਤੇ ਸਰਕਾਰੀ ਰਾਸ਼ਨ ਸਹੂਲਤਾਂ ਦਾ ਲਾਭ ਦੇਣਾ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ, ਟ੍ਰੈਫਿਕ ਲਈ ਬਦਲਵੇਂ ਰਸਤੇ

ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਨੇ ਮੋਗਾ ਪਹੁੰਚ ਕੇ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ, ਪਾਰਕਿੰਗ ਤੇ ਭੀੜ ਨੂੰ ਕੰਟਰੋਲ ਕਰਨ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਤੋਂ ਇਲਾਵਾ ਮੋਗਾ ਪੁਲਿਸ ਵੱਲੋਂ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਬਦਲਵੇਂ ਰੂਟ ਵੀ ਤੈਅ ਕੀਤੇ ਗਏ ਹਨ, ਤਾਂ ਜੋ ਰੈਲੀ ਕਾਰਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments