Home Canada ਅਮਰੀਕਾ ਤੋਂ ਬਾਅਦ ਕੈਨੇਡਾ ‘ਚ ਵੀ ਗੋਲਡੀ ਬਰਾੜ ਦੀ ਭਾਲ ਤੇਜ਼

ਅਮਰੀਕਾ ਤੋਂ ਬਾਅਦ ਕੈਨੇਡਾ ‘ਚ ਵੀ ਗੋਲਡੀ ਬਰਾੜ ਦੀ ਭਾਲ ਤੇਜ਼

0

ਓਟਾਵਾ: ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਦੀਆਂ ਜਾਂਚ ਏਜੰਸੀਆਂ ਨੇ ਵੀ ਉਸ ਦੀ ਭਾਲ ਤੇਜ਼ ਕਰ ਦਿੱਤੀ ਹੈ। ਕੈਨੇਡਾ ਦੇ ਬੋਲੋ ਪ੍ਰੋਗਰਾਮ (BOLO Program) ਵੱਲੋਂ ਜਾਰੀ ਕੀਤੀ ਗਈ ਟਾਪ-25 ਮੋਸਟ ਵਾਂਟੇਡ ਅਪਰਾਧੀਆਂ ਦੀ ਨਵੀਂ ਸੂਚੀ ਵਿੱਚ ਗੋਲਡੀ ਬਰਾੜ ਨੂੰ ਪਹਿਲੇ ਨੰਬਰ ‘ਤੇ ਰੱਖਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 2.5 ਲੱਖ ਕੈਨੇਡੀਅਨ ਡਾਲਰ (ਕਰੀਬ 2.33 ਕਰੋੜ ਰੁਪਏ) ਤੱਕ ਦਾ ਇਨਾਮ ਦਿੱਤਾ ਜਾਵੇਗਾ।

ਕੈਨੇਡਾ ਦੀ ਮੋਸਟ ਵਾਂਟੇਡ ਸੂਚੀ ‘ਚ ਪਹਿਲੇ ਨੰਬਰ ‘ਤੇ ਗੋਲਡੀ ਬਰਾੜ

19 ਨਵੰਬਰ 2026 ਨੂੰ ਬੋਲੋ ਪ੍ਰੋਗਰਾਮ ਵੱਲੋਂ ਗੋਲਡੀ ਬਰਾੜ ਸਬੰਧੀ ਇਹ ਐਲਾਨ ਕੀਤਾ ਗਿਆ। ਗੋਲਡੀ ਬਰਾੜ ਦਾ ਅਸਲ ਨਾਂ ਸਤਿੰਦਰਜੀਤ ਸਿੰਘ ਹੈ। ਕੈਨੇਡਾ ਵਿੱਚ ਸਾਲ 2023 ਦੌਰਾਨ ਹੋਏ ਇੱਕ ਕਤਲ ਦੇ ਮਾਮਲੇ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਸ ਦੀ ਗ੍ਰਿਫ਼ਤਾਰੀ ਕਰਵਾਉਣ ਵਾਲੀ ਜਾਣਕਾਰੀ ਦੇਣ ‘ਤੇ 2.5 ਲੱਖ ਕੈਨੇਡੀਅਨ ਡਾਲਰ ਤੱਕ ਦਾ ਇਨਾਮ ਮਿਲ ਸਕਦਾ ਹੈ। ਇਹ ਇਨਾਮ 2 ਨਵੰਬਰ 2027 ਤੱਕ ਉਪਲਬਧ ਰਹੇਗਾ।

ਵਿਨੀਪੈਗ ਵਿੱਚ ਸੁਖਦੂਲ ਸਿੰਘ ਗਿੱਲ ਦੇ ਕਤਲ ਦਾ ਦੋਸ਼

ਗੋਲਡੀ ਬਰਾੜ ‘ਤੇ ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ 39 ਸਾਲਾ ਸੁਖਦੂਲ ਸਿੰਘ ਗਿੱਲ ਦੇ ਕਤਲ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਪੁਲਿਸ ਮੁਤਾਬਕ 20 ਸਤੰਬਰ 2023 ਨੂੰ ਸਵੇਰੇ ਕਰੀਬ 10 ਵਜੇ ਵਿਨੀਪੈਗ ਦੇ ਉੱਤਰ-ਪੱਛਮੀ ਇਲਾਕੇ ਵਿੱਚ ਹੇਜ਼ਲਟਨ ਡਰਾਈਵ ਸਥਿਤ ਇੱਕ ਘਰ ਵਿੱਚ ਗੋਲੀਬਾਰੀ ਹੋਈ ਸੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਸੁਖਦੂਲ ਸਿੰਘ ਗਿੱਲ ਦੀ ਲਾਸ਼ ਮਿਲੀ।

ਇਸ ਮਾਮਲੇ ਦੀ ਜਾਂਚ ਵਿਨੀਪੈਗ ਪੁਲਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਕੀਤੀ ਗਈ। ਜਾਂਚ ਵਿੱਚ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP), ਮੈਨੀਟੋਬਾ ਜਸਟਿਸ ਅਤੇ ਹੋਰ ਏਜੰਸੀਆਂ ਨੇ ਵੀ ਸਹਿਯੋਗ ਦਿੱਤਾ।

ਗੋਲਡੀ ਬਰਾੜ ਅਤੇ ਕਰਨਬੀਰ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ

ਇਸ ਮਾਮਲੇ ਵਿੱਚ 23 ਫਰਵਰੀ 2026 ਨੂੰ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਕਰਨਬੀਰ ਸਿੰਘ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਦੋਵਾਂ ‘ਤੇ ਫਸਟ ਡਿਗਰੀ ਮਰਡਰ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਬਾਅਦ ਦੋਵਾਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤੇ ਗਏ।

ਪੁਲਿਸ ਅਨੁਸਾਰ ਗੋਲਡੀ ਬਰਾੜ ਦੀ ਉਮਰ 32 ਸਾਲ ਅਤੇ ਕਰਨਬੀਰ ਸਿੰਘ ਦੀ ਉਮਰ 26 ਸਾਲ ਹੈ। ਪੁਲਿਸ ਨੇ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਦੋਵੇਂ ਖ਼ਤਰਨਾਕ ਅਤੇ ਹਥਿਆਰਬੰਦ ਹੋ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਖ਼ੁਦ ਫੜਨ ਦੀ ਕੋਸ਼ਿਸ਼ ਕਰਨ ਦੀ ਬਜਾਏ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਅਮਰੀਕਾ ਵਿੱਚ ਵੀ 10 ਲੱਖ ਡਾਲਰ ਦਾ ਇਨਾਮ

ਕੈਨੇਡਾ ਤੋਂ ਪਹਿਲਾਂ ਅਮਰੀਕੀ ਏਜੰਸੀਆਂ ਵੱਲੋਂ ਵੀ ਗੋਲਡੀ ਬਰਾੜ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। 7 ਜੁਲਾਈ 2026 ਨੂੰ ਅਮਰੀਕੀ ਅਟਾਰਨੀ ਦਫ਼ਤਰ ਨੇ ‘ਆਪ੍ਰੇਸ਼ਨ ਹਾਰਡ ਬਾਲ’ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਵਿੱਚ ਗੋਲਡੀ ਬਰਾੜ ਨੂੰ ਲਾਰੈਂਸ ਬਿਸ਼ਨੋਈ ਦੇ ਸੰਗਠਿਤ ਅਪਰਾਧਿਕ ਗਿਰੋਹ ਵਿੱਚ ਕਥਿਤ ਭੂਮਿਕਾ ਨੂੰ ਲੈ ਕੇ ਮੁਲਜ਼ਮ ਬਣਾਇਆ ਗਿਆ ਸੀ।

ਇਸ ਤੋਂ ਇਲਾਵਾ FBI ਵੱਲੋਂ ਗੋਲਡੀ ਬਰਾੜ ਨੂੰ ਆਪਣੀ ਟਾਪ-10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਅਮਰੀਕੀ ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।

ਕੈਨੇਡਾ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵਿਨੀਪੈਗ ਪੁਲਿਸ ਦੇ ਡਿਪਟੀ ਚੀਫ਼ ਕੈਮ ਮੈਕਕਿਡ ਨੇ ਕਿਹਾ ਕਿ ਕੈਨੇਡਾ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇਸ਼ ਵਿੱਚ ਹਿੰਸਕ ਅਪਰਾਧਾਂ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਨੇ ਗੋਲਡੀ ਬਰਾੜ ਅਤੇ ਕਰਨਬੀਰ ਸਿੰਘ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ। ਇਸ ਸਬੰਧੀ ਪੁਲਿਸ ਵੱਲੋਂ (431) 334-9160 ਨੰਬਰ ਵੀ ਜਾਰੀ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version