ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਐਡੀਸ਼ਨਲ ਸੈਸ਼ਨਜ਼ ਜੱਜ ਬਰਿੰਦਰ ਸਿੰਘ ਨੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ।
ਅਦਾਲਤੀ ਹੁਕਮ ਮੁਤਾਬਕ ਅੰਮ੍ਰਿਤਪਾਲ ਸਿੰਘ 7 ਅਕਤੂਬਰ ਤੋਂ ਅਗਲੇ ਪੰਜ ਦਿਨਾਂ ਦੇ ਅੰਦਰ ਇੱਕ ਵਾਰ ਆਪਣੀ ਦਾਦੀ ਨਾਲ ਵੀਡੀਓ ਕਾਲ ਕਰ ਸਕਣਗੇ। ਕਾਲ ਦੀ ਮਿਆਦ ਵੱਧ ਤੋਂ ਵੱਧ 10 ਮਿੰਟ ਹੋਵੇਗੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਪਹਿਲਾਂ ਉਨ੍ਹਾਂ ਦੀ ਬਿਮਾਰ ਦਾਦੀ ਨੂੰ ਮਿਲਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।
ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਸਮੇਂ ਅੰਮ੍ਰਿਤਪਾਲ ਸਿੰਘ ਦੀ ਦਾਦੀ ਹਸਪਤਾਲ ਵਿੱਚ ਦਾਖਲ ਸਨ। ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਇਸ ਤੋਂ ਬਾਅਦ ਅਦਾਲਤ ਤੋਂ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮੰਗੀ ਗਈ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਪ੍ਰੈਲ 2026 ਵਿੱਚ ਉਨ੍ਹਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹ ਸੁਰੱਖਿਆ ਕਾਰਨਾਂ ਕਰਕੇ ਡਿਬਰੂਗੜ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ।










