ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਵੱਡਾ ਖੁਲਾਸਾ ਕੀਤਾ ਹੈ। ਇਸ ਸਾਂਝੀ ਕਾਰਵਾਈ ਵਿੱਚ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਅਫ਼ਗਾਨ ਨਾਗਰਿਕ ਅਤੇ ਇੱਕ ਨਾਬਾਲਗ ਸ਼ਾਮਲ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਡਾਇਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਹੈ।
ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ
ਪੁਲਿਸ ਨੇ ਛਾਪੇਮਾਰੀ ਦੌਰਾਨ ਦੋ ਸਬ ਮਸ਼ੀਨ ਗੰਨਾਂ ਸਮੇਤ 10 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਹਵਾਲਾ ਲੈਣ-ਦੇਣ ਨਾਲ ਸਬੰਧਤ 5.048 ਕਿਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਇਹ ਰਿਕਵਰੀ ਇਸ ਨੈੱਟਵਰਕ ਦੀ ਡੂੰਘਾਈ ਅਤੇ ਅੰਤਰਰਾਸ਼ਟਰੀ ਕਨੈਕਸ਼ਨਾਂ ਵੱਲ ਇਸ਼ਾਰਾ ਕਰਦੀ ਹੈ।
ਵਿਦੇਸ਼ਾਂ ਨਾਲ ਜੁੜੇ ਹੈਂਡਲਰਾਂ ਨਾਲ ਸਬੰਧ ਹੋਣ ਦਾ ਸ਼ੱਕ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਗੈਰ-ਕਾਨੂੰਨੀ ਖੇਪ ਭੇਜਦੇ ਸਨ ਅਤੇ ਸਥਾਨਕ ਨੈੱਟਵਰਕ ਰਾਹੀਂ ਅੱਗੇ ਸਪਲਾਈ ਕਰਦੇ ਸਨ। ਇਸ ਤੋਂ ਇਲਾਵਾ ਹਵਾਲਾ ਚੈਨਲਾਂ ਰਾਹੀਂ ਪੈਸੇ ਦਾ ਲੈਣ-ਦੇਣ ਵੀ ਇਸ ਨੈੱਟਵਰਕ ਦਾ ਹਿੱਸਾ ਸੀ।
ਸੋਸ਼ਲ ਮੀਡੀਆ ਰਾਹੀਂ ਚੱਲ ਰਿਹਾ ਸੀ ਸਾਰਾ ਨੈੱਟਵਰਕ
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਇੱਕ ਦੂਜੇ ਨਾਲ ਸੰਪਰਕ ਬਣਾਈ ਰੱਖਦਾ ਸੀ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਵੱਖ-ਵੱਖ ਥਾਵਾਂ ‘ਤੇ ਪਹੁੰਚਾਉਣ ਲਈ ਸੰਗਠਿਤ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਸੀ।
FIR ਦਰਜ, ਜਾਂਚ ਜਾਰੀ
ਇਸ ਸਬੰਧੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਨੈਟਵਰਕ ਦੇ ਹੋਰ ਸਥਾਨਕ ਅਤੇ ਅੰਤਰਰਾਸ਼ਟਰੀ ਲਿੰਕਾਂ ਦੀ ਪਛਾਣ ਕਰਨ ਵਿੱਚ ਰੁੱਝੀ ਹੋਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਜ਼ਬਤੀਆਂ ਸੰਭਵ ਹਨ।












