ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝਾ ਅਭਿਆਨ ਚਲਾਉਂਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਸਰਹੱਦ ਪਾਰੋਂ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੇ ਚੌਕਸੀ ਵਧਾ ਦਿੱਤੀ ਹੈ।
ਪੰਜਾਬ ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹੈਂਡ ਗ੍ਰੇਨੇਡ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਸੀ।
ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਮਾਮਲਾ ਸਰਹੱਦ ਪਾਰ ਤੋਂ ਚੱਲ ਰਹੇ ਕਿਸੇ ਨੈੱਟਵਰਕ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮਾਂ ਨੂੰ ਹਥਿਆਰ ਅਤੇ ਵਿਸਫੋਟਕ ਸਮੱਗਰੀ ਕਿਸ ਤਰੀਕੇ ਨਾਲ ਉਪਲਬਧ ਕਰਵਾਈ ਗਈ ਸੀ ਅਤੇ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ। ਇਸ ਸਬੰਧੀ ਥਾਣਾ ਘਰਿੰਡਾ ਵਿਖੇ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਪੁਲਿਸ ਵੱਲੋਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਗਾਂਹ-ਵਧੂ ਸੰਪਰਕਾਂ ਦਾ ਪਤਾ ਲਾਇਆ ਜਾ ਸਕੇ। ਇਸ ਤੋਂ ਇਲਾਵਾ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ, ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਨੈੱਟਵਰਕਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਲੋਕ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਸੂਬੇ ਵਿੱਚ ਅਤਿਵਾਦ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ।
ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਸੁਰੱਖਿਆ ਏਜੰਸੀਆਂ ਨੂੰ ਵੱਡੇ ਨੈੱਟਵਰਕ ਤੱਕ ਪਹੁੰਚ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਸ ਸਬੰਧੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।












