ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਪੁਰਾਣੀ ਦੋ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਦਿੱਲੀ ਫਾਇਰ ਸਰਵਿਸ ਮੁਤਾਬਕ ਇਮਾਰਤ ਡਿੱਗਣ ਦੀ ਸੂਚਨਾ ਸਵੇਰੇ 10 ਵੱਜ ਕੇ 13 ਮਿੰਟ ‘ਤੇ ਮਿਲੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਅਧਿਕਾਰੀਆਂ ਅਨੁਸਾਰ ਮਲਬੇ ਹੇਠੋਂ 6 ਤੋਂ 7 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਫਿਲਹਾਲ ਮੌਕੇ ‘ਤੇ ਬਚਾਅ ਮੁਹਿੰਮ ਜਾਰੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦਿੱਲੀ ਵਿੱਚ ਇਮਾਰਤਾਂ ਡਿੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸਤੰਬਰ ਮਹੀਨੇ ਵਿੱਚ ਸੱਤਿਆ ਨਿਕੇਤਨ ਵਿਖੇ ਪੀਜੀ ਰਿਹਾਇਸ਼ ਵਾਲੀ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ ਸੀ, ਜਿਸ ਕਾਰਨ ਵਿਦਿਆਰਥੀਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ।
ਇਸੇ ਤਰ੍ਹਾਂ 5 ਨਵੰਬਰ ਨੂੰ ਪੁਰਾਣੀ ਦਿੱਲੀ ਦੇ ਹੌਜ਼ ਕਾਜ਼ੀ ਇਲਾਕੇ ਵਿੱਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ ਸੀ, ਜਿਸ ਵਿੱਚ ਛੇ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਬਾਅਦ 15 ਨਵੰਬਰ ਨੂੰ ਪਹਾੜਗੰਜ ਵਿੱਚ ਵੀ ਇੱਕ ਇਮਾਰਤ ਡਿੱਗਣ ਕਾਰਨ ਕਈ ਲੋਕ ਜ਼ਖ਼ਮੀ ਹੋਏ ਸਨ।
ਹੁਣ ਵਿਵੇਕ ਵਿਹਾਰ ਵਿੱਚ ਵਾਪਰੇ ਇਸ ਤਾਜ਼ਾ ਹਾਦਸੇ ਨੇ ਇੱਕ ਵਾਰ ਫਿਰ ਦਿੱਲੀ ਵਿੱਚ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
