ਵਾਸ਼ਿੰਗਟਨ: ਅਮਰੀਕਾ ਦੀ ਇੱਕ ਸੰਘੀ ਜ਼ਿਲ੍ਹਾ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਵਿੱਚ ਜਨਮ ਦੇ ਆਧਾਰ ‘ਤੇ ਮਿਲਣ ਵਾਲੀ ਨਾਗਰਿਕਤਾ (ਬਰਥਰਾਈਟ ਸਿਟੀਜ਼ਨਸ਼ਿਪ) ਨੂੰ ਸੀਮਤ ਕਰਨ ਲਈ ਜਾਰੀ ਕੀਤੇ ਗਏ ਦੂਜੇ ਕਾਰਜਕਾਰੀ ਹੁਕਮ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਜ਼ਿਲ੍ਹਾ ਜੱਜ ਕ੍ਰਿਸਟੋਫਰ ਕੂਪਰ ਨੇ ‘ਨਾਥਨ ਬਨਾਮ ਟਰੰਪ’ ਮਾਮਲੇ ਦੀ ਸੁਣਵਾਈ ਦੌਰਾਨ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰਾਸ਼ਟਰਪਤੀ ਅਮਰੀਕਾ ਦੀ ਧਰਤੀ ‘ਤੇ ਜਨਮੇ ਅਤੇ ਅਮਰੀਕੀ ਕਾਨੂੰਨਾਂ ਦੇ ਦਾਇਰੇ ਵਿੱਚ ਆਉਣ ਵਾਲੇ ਬੱਚਿਆਂ ਦੇ ਸੰਵਿਧਾਨਕ ਅਧਿਕਾਰਾਂ ਵਿੱਚ ਕਾਰਜਕਾਰੀ ਹੁਕਮਾਂ ਰਾਹੀਂ ਕੋਈ ਨਵੀਂ ਛੋਟ ਜਾਂ ਅਪਵਾਦ ਨਹੀਂ ਜੋੜ ਸਕਦੇ। ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ACLU), ਜਿਸ ਨੇ ਪ੍ਰਭਾਵਿਤ ਪਰਿਵਾਰਾਂ ਵੱਲੋਂ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਨੇ ਅਦਾਲਤ ਦੇ ਇਸ ਫ਼ੈਸਲੇ ਨੂੰ ਸੰਵਿਧਾਨ ਦੀ 14ਵੀਂ ਸੋਧ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੀਤੀ ਜੂਨ ਵਿੱਚ ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਪ੍ਰਸ਼ਾਸਨ ਦੀਆਂ ਨਾਗਰਿਕਤਾ ਸਬੰਧੀ ਪਹਿਲੀਆਂ ਪਾਬੰਦੀਆਂ ਨੂੰ ਰੱਦ ਕੀਤੇ ਜਾਣ ਉਪਰੰਤ ਰਾਸ਼ਟਰਪਤੀ ਟਰੰਪ ਨੇ 6 ਅਗਸਤ ਨੂੰ ਨਵਾਂ ਹੁਕਮ ਜਾਰੀ ਕੀਤਾ ਸੀ। ਇਸ ਨਵੇਂ ਹੁਕਮ ਤਹਿਤ ਸੰਘੀ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਜਿਨ੍ਹਾਂ ਬੱਚਿਆਂ ਦੇ ਮਾਪਿਆਂ ਵਿੱਚੋਂ ਕੋਈ ਵੀ ਅਮਰੀਕੀ ਨਾਗਰਿਕ ਨਹੀਂ ਹੈ, ਜਾਂ ਜਿਨ੍ਹਾਂ ਨੂੰ ਪ੍ਰਸ਼ਾਸਨ ‘ਵਿਦੇਸ਼ੀ ਦੁਸ਼ਮਣ’ (ਏਲੀਅਨ ਐਨੀਮੀ), ਵਿਦੇਸ਼ੀ ਸਰਕਾਰਾਂ ਦੇ ਮੁਲਾਜ਼ਮ ਜਾਂ ਕਿਰਾਏ ਦੀ ਕੁੱਖ (ਪੇਡ ਸਰੋਗੇਸੀ) ਰਾਹੀਂ ਨਾਗਰਿਕਤਾ ਹਾਸਲ ਕਰਨ ਵਾਲੇ ਮੰਨਦਾ ਹੈ, ਉਨ੍ਹਾਂ ਨੂੰ ਨਾਗਰਿਕਤਾ ਨਾ ਦਿੱਤੀ ਜਾਵੇ।
ਅਦਾਲਤ ਨੇ ਪ੍ਰਸ਼ਾਸਨ ਦੀਆਂ ਦਲੀਲਾਂ ਨੂੰ ਖ਼ਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਮਾਪਿਆਂ ਦੇ ਹਾਲਾਤਾਂ ਦੀ ਸਜ਼ਾ ਅਮਰੀਕਾ ਵਿੱਚ ਪੈਦਾ ਹੋਏ ਮਾਸੂਮ ਬੱਚਿਆਂ ਨੂੰ ਨਹੀਂ ਦਿੱਤੀ ਜਾ ਸਕਦੀ। ਦੂਜੇ ਪਾਸੇ, ਵ੍ਹਾਈਟ ਹਾਊਸ ਨੇ ਅਦਾਲਤੀ ਫ਼ੈਸਲੇ ‘ਤੇ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਰਾਸ਼ਟਰਪਤੀ ਦਾ ਹੁਕਮ ਕਾਨੂੰਨੀ ਦਾਇਰੇ ਵਿੱਚ ਸੀ, ਪਰ ਇਸ ਰੋਕ ਨਾਲ ਹਜ਼ਾਰਾਂ ਪ੍ਰਵਾਸੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।
