ਫਾਜ਼ਿਲਕਾ: ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੈਂਸ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਨ ਬਿਨੈਕਾਰ 16 ਅਕਤੂਬਰ ਤੋਂ 21 ਅਕਤੂਬਰ 2026 ਤੱਕ ਸੇਵਾ ਕੇਂਦਰਾਂ ਰਾਹੀਂ ਆਪਣੀਆਂ ਦਰਖ਼ਾਸਤਾਂ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅਰਜ਼ੀ ਦੇਣ ਲਈ ਬਿਨੈਕਾਰ ਦੀ ਉਮਰ 18 ਸਾਲ ਤੋਂ ਵੱਧ ਹੋਣੀ ਲਾਜ਼ਮੀ ਹੈ। ਨਿਰਧਾਰਤ ਮਿਤੀ ਤੋਂ ਬਾਅਦ ਮਿਲਣ ਵਾਲੀਆਂ ਦਰਖ਼ਾਸਤਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
28 ਅਕਤੂਬਰ ਨੂੰ ਡਰਾਅ ਰਾਹੀਂ ਮਿਲਣਗੇ ਲਾਇਸੈਂਸ
ਜ਼ਿਲ੍ਹਾ ਮੈਜਿਸਟ੍ਰੇਟ ਮੁਤਾਬਕ, ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਚੋਣ ਲਈ 28 ਅਕਤੂਬਰ 2026 ਨੂੰ ਸਵੇਰੇ 11 ਵਜੇ ਡਰਾਅ ਕੱਢਿਆ ਜਾਵੇਗਾ। ਇਹ ਪ੍ਰਕਿਰਿਆ ਡਿਪਟੀ ਕਮਿਸ਼ਨਰ ਦਫ਼ਤਰ, ਫਾਜ਼ਿਲਕਾ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਡਰਾਅ ਵਿੱਚ ਸਫ਼ਲ ਰਹਿਣ ਵਾਲੇ ਬਿਨੈਕਾਰਾਂ ਨੂੰ ਹੀ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ।
ਕਿਹੜੇ ਸ਼ਹਿਰ ਵਿੱਚ ਕਿੰਨੇ ਲਾਇਸੈਂਸ ਮਿਲਣਗੇ?
ਫਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 67 ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਇਨ੍ਹਾਂ ਦੀ ਵੰਡ ਇਸ ਤਰ੍ਹਾਂ ਹੈ:
-
ਫਾਜ਼ਿਲਕਾ: 18 ਲਾਇਸੈਂਸ
-
ਅਬੋਹਰ: 25 ਲਾਇਸੈਂਸ
-
ਜਲਾਲਾਬਾਦ: 18 ਲਾਇਸੈਂਸ
-
ਅਰਨੀਵਾਲਾ ਸ਼ੇਖਸੁਭਾਨ: 6 ਲਾਇਸੈਂਸ
ਲਾਇਸੈਂਸ ਪ੍ਰਾਪਤ ਕਰਨ ਵਾਲੇ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ਼ 2017 ਵਿੱਚ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।
-
ਦੀਵਾਲੀ (8 ਨਵੰਬਰ): ਰਾਤ 8 ਵਜੇ ਤੋਂ 10 ਵਜੇ ਤੱਕ।
-
ਗੁਰਪੁਰਬ: ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ।
-
ਕ੍ਰਿਸਮਿਸ ਅਤੇ ਨਵੇਂ ਸਾਲ: ਰਾਤ 11:55 ਵਜੇ ਤੋਂ ਅੱਧੀ ਰਾਤ 12:30 ਵਜੇ ਤੱਕ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਿਰਧਾਰਤ ਨਿਯਮਾਂ ਅਤੇ ਸਮੇਂ ਅਨੁਸਾਰ ਹੀ ਕੀਤੀ ਜਾਵੇ।
