ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਿਊਟੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਐਸਆਈ ਹਰਜੀਤ ਸਿੰਘ ਵਜੋਂ ਹੋਈ ਹੈ, ਜੋ ਥਾਣਾ ਗੇਟ ਹਕੀਮਾਂ ਅਧੀਨ ਇਲਾਕੇ ਵਿੱਚ ਤੈਨਾਤ ਸਨ।
ਮੁੱਢਲੀ ਜਾਣਕਾਰੀ ਮੁਤਾਬਕ ਘਟਨਾ ਰਾਤ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ। ਏਐਸਆਈ ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਗੋਲੀਆਂ ਲੱਗਣ ਕਾਰਨ ਏਐਸਆਈ ਹਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੇ ਇਲਾਕੇ ਦੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਬਾਰੇ ਕੋਈ ਸੁਰਾਗ ਮਿਲ ਸਕੇ।
ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।












