ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਤਰੂਪ ਸਿੰਘ ਅਤੇ ਐਸ.ਐਚ.ਓ. ਸਾਈਬਰ ਕਰਾਈਮ ਬਠਿੰਡਾ ਦੇ ਰੀਡਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਖ਼ਿਲਾਫ਼ ਸਾਈਬਰ ਕਰਾਈਮ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਮੁਲਜ਼ਮ ਏ.ਐਸ.ਆਈ. ਸਤਰੂਪ ਸਿੰਘ ਅਤੇ ਐਸ.ਐਚ.ਓ. ਰੀਡਰ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਤੋਂ ਉਸਦੇ ਪੁੱਤਰ ਨੂੰ ਗ੍ਰਿਫਤਾਰ ਨਾ ਕਰਨ, ਉਸਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਰਾਜ਼ੀਨਾਮਾ ਕਰਵਾਉਣ ਦੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਨਾਜਾਇਜ਼ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ ਕੋਲ ਪਹੁੰਚ ਕੀਤੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਓਰੋ ਦੀ ਟੀਮ ਨੇ ਦੋਨਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












