Home ਸੰਸਾਰ ਬੰਗਲਾਦੇਸ਼ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੋਸ਼ਲ ਮੀਡੀਆ...

ਬੰਗਲਾਦੇਸ਼ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ

0

ਢਾਕਾ: ਮਾਸੂਮ ਬਚਪਨ ਨੂੰ ਡਿਜੀਟਲ ਦੁਨੀਆ ਦੇ ਅਣਦੇਖੇ ਖ਼ਤਰਿਆਂ ਅਤੇ ਐਲਗੋਰਿਦਮ ਦੇ ਜਾਲ ਤੋਂ ਸੁਰੱਖਿਅਤ ਰੱਖਣ ਲਈ ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਹਾਈ ਕੋਰਟ ਡਿਵੀਜ਼ਨ ਨੇ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ।

ਜਸਟਿਸ ਸਿਕਦਰ ਮਹਿਮੂਦੁਰ ਰਜ਼ੀ ਅਤੇ ਜਸਟਿਸ ਫਾਤਿਮਾ ਅਨਵਰ ਦੀ ਬੈਂਚ ਨੇ ਸੁਪਰੀਮ ਕੋਰਟ ਦੇ ਵਕੀਲ ਮੁਹੰਮਦ ਫੈਸਲ ਦਸਤਗੀਰ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਲਾਜ਼ਮੀ ਅੰਤਰਿਮ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਵਿੱਚ ਜ਼ਿਆਦਾ ਸਕ੍ਰੀਨ ਟਾਈਮ ਕਾਰਨ ਬੱਚਿਆਂ ਦੀ ਅੱਖਾਂ ਦੀ ਰੌਸ਼ਨੀ, ਨੀਂਦ ਅਤੇ ਮਾਨਸਿਕ ਵਿਕਾਸ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਗਈ ਸੀ।

ਅਦਾਲਤ ਨੇ ਡਾਕ ਅਤੇ ਦੂਰਸੰਚਾਰ ਸਕੱਤਰ ਅਤੇ ਦੂਰਸੰਚਾਰ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਸਾਈਬਰ ਸੁਰੱਖਿਆ ਮਾਹਿਰਾਂ, ਬਾਲ ਮਨੋਵਿਗਿਆਨੀਆਂ, ਬਾਲ ਰੋਗ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਦੀ ਇੱਕ ਸੁਤੰਤਰ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਕਮੇਟੀ ਬੱਚਿਆਂ ਦੇ ਵਿਹਾਰ ‘ਤੇ ਐਲਗੋਰਿਦਮ ਆਧਾਰਿਤ ਸਮੱਗਰੀ ਦੇ ਪ੍ਰਭਾਵਾਂ ਦਾ ਮੁਲਾਂਕਣ ਕਰੇਗੀ।

ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਇਸ ਦਿਸ਼ਾ ਵਿੱਚ ਹੁਣ ਤੱਕ ਕੌਮੀ ਨੀਤੀ ਨਾ ਬਣਾਉਣ ਨੂੰ ਗੈਰ-ਕਾਨੂੰਨੀ ਕਿਉਂ ਨਾ ਐਲਾਨਿਆ ਜਾਵੇ।

ਜ਼ਿਕਰਯੋਗ ਹੈ ਕਿ ਦਸੰਬਰ 2025 ਵਿੱਚ ਆਸਟ੍ਰੇਲੀਆ ਵੱਲੋਂ ਅਜਿਹੀ ਪਾਬੰਦੀ ਲਗਾਉਣ ਤੋਂ ਬਾਅਦ ਇੰਡੋਨੇਸ਼ੀਆ, ਮਲੇਸ਼ੀਆ, ਬ੍ਰਾਜ਼ੀਲ ਸਮੇਤ ਬ੍ਰਿਟੇਨ, ਕੈਨੇਡਾ ਅਤੇ ਯੂਰਪੀ ਸੰਘ ਵੀ ਬੱਚਿਆਂ ਦੀ ਡਿਜੀਟਲ ਸੁਰੱਖਿਆ ਲਈ ਸਖ਼ਤ ਕਾਨੂੰਨ ਲਿਆਉਣ ਵੱਲ ਕਦਮ ਚੁੱਕ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version