ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਜਦੋਂ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਹੋ ਜਾਂਦਾ, ਉਹ ਭੁੱਖ ਹੜਤਾਲ ’ਤੇ ਰਹਿਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਐੱਸ.ਐੱਸ.ਪੀ. ਦਾ ਤਬਾਦਲਾ ਹੋ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਮਜਬੂਰ ਨਾ ਕਰੇ, ਕਿਉਂਕਿ ਉਹ ਆਪਣੇ ਵਾਅਦੇ ਦੇ ਪੱਕੇ ਹਨ। ਜ਼ਿਕਰਯੋਗ ਹੈ ਕਿ ਝੋਟਾ ਦੇ ਪਿਤਾ ਭੀਮ ਸਿੰਘ ਨੇ 5 ਨਵੰਬਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।
ਭੀਮ ਸਿੰਘ ਨੇ ਕਿਹਾ ਕਿ ਉਹ ਅੱਜ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨਗੇ ਅਤੇ ਇਸ ਦੇ ਨਾਲ ਹੀ ਅੰਦੋਲਨ ਵਿੱਚ ਸਾਥ ਦੇਣ ਵਾਲੇ ਹਰ ਵਿਅਕਤੀ ਦਾ ਉਨ੍ਹਾਂ ਨੇ ਧੰਨਵਾਦ ਕੀਤਾ। ਉਨ੍ਹਾਂ ਅੰਦੋਲਨਕਾਰੀਆਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਹੁੱਲੜਬਾਜ਼ੀ ਨਾ ਕਰਨ ਦੀ ਅਪੀਲ ਕੀਤੀ।
ਉੱਥੇ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਖ਼ਿਲਾਫ਼ ਆਵਾਜ਼ ਉਠਾਉਣ ਦੀ ਵੀ ਅਪੀਲ ਕੀਤੀ। ਭੀਮ ਸਿੰਘ ਨੇ ਕਿਹਾ ਕਿ ਜੇਕਰ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਹੋਇਆ ਤਾਂ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨਗੇ।
