Home ਪੰਜਾਬ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ’ਚ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ :...

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ’ਚ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

0

ਚੰਡੀਗੜ੍ਹ :  ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ।

ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ — ਇਨ੍ਹਾਂ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਭ ਨੂੰ ਕਵਰ ਕਰਦਿਆਂ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ (272), ਮੋਗਾ (260), ਸ੍ਰੀ ਮੁਕਤਸਰ ਸਾਹਿਬ (410), ਪਟਿਆਲਾ (519), ਐਸ.ਏ.ਐਸ. ਨਗਰ (124), ਸੰਗਰੂਰ (305), ਮਾਲੇਰਕੋਟਲਾ (98) ਅਤੇ ਤਰਨਤਾਰਨ (561) ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਸਨਮਾਨ ਅਤੇ ਪਾਰਦਰਸ਼ਤਾ ਨਾਲ ਪਹੁੰਚ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version