Home ਪੰਜਾਬ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

0

ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਅੱਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਪਣੇ ਟਰੈਕਟਰ-ਟਰਾਲੀਆਂ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜੇ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ।

ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨ, ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਲੈਂਡ ਪੂਲਿੰਗ ਪਾਲਿਸੀ ਖ਼ਤਮ ਕਰਨ, ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਖ਼ਤਮ ਕਰਨ ਅਤੇ ਪੁਲਿਸ ਅੱਤਿਆਚਾਰਾਂ ਖ਼ਿਲਾਫ਼ ਅੱਜ ਪੱਕਾ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

ਬਲਵੰਤ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ’ਤੇ ਅੱਤਿਆਚਾਰ ਕਰ ਰਹੀ ਹੈ। ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਆਪਣਾ ਖਜ਼ਾਨਾ ਭਰਨ ਜਾ ਰਹੀ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਮਜ਼ਦੂਰਾਂ ਨੂੰ ਖੋਹਿਆ ਜਾ ਰਿਹਾ ਹੈ, ਇਸ ਲਈ ਮੰਗਾਂ ਮਨਵਾਉਣ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।

ਇਸ ਮੌਕੇ ਮੋਲਡਰਜ਼ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਵਿੱਚ ਜਿੱਥੇ ਕਿਸਾਨਾਂ ਲਈ ਬੇਦਖਲੀ ਵਾਰੰਟ ਹਨ, ਉੱਥੇ ਮਜ਼ਦੂਰਾਂ, ਕਰਮਚਾਰੀਆਂ ਅਤੇ ਉਦਯੋਗਿਕ ਕਾਮਿਆਂ ਲਈ ਬੇਦਖਲੀ ਵਾਰੰਟ ਵੀ ਹਨ। ਇਸ ਮੌਕੇ ਸ਼੍ਰੀ ਜਗਮੀਤ ਸਿੰਘ, ਮਨੋਹਰ ਸਿੰਘ, ਯੁਵਰਾਜ ਸਿੰਘ, ਜਸਬੀਰ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਤੀਰਥ ਸਿੰਘ ਤਲਵੰਡੀ, ਜਸਪਾਲ ਸਿੰਘ ਆਦਿ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version