Home ਪੰਜਾਬ ਸ੍ਰੀ ਅਨੰਦਪੁਰ ਸਾਹਿਬ ਦੀ ਸਫ਼ਾਈ ਮੁਹਿੰਮ ਨੂੰ ਮਿਲੀ ਰਾਸ਼ਟਰੀ ਪਛਾਣ

ਸ੍ਰੀ ਅਨੰਦਪੁਰ ਸਾਹਿਬ ਦੀ ਸਫ਼ਾਈ ਮੁਹਿੰਮ ਨੂੰ ਮਿਲੀ ਰਾਸ਼ਟਰੀ ਪਛਾਣ

0

ਚੰਡੀਗੜ੍ਹ: ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਵੱਛ ਭਾਰਤ ਮਿਸ਼ਨ’ ਤਹਿਤ ਪੰਜਾਬ ਦਾ ਸਭ ਤੋਂ ਸਵੱਛ ਸ਼ਹਿਰ ਐਲਾਨਿਆ ਗਿਆ ਹੈ। ਇਸ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਪੁਰਸਕਾਰ ਪ੍ਰਾਪਤ ਕੀਤਾ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਇਸ ਸਨਮਾਨ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਕੀਤੀ ਸੇਵਾ ਦਾ ਫਲ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਮਾਣ ਹਾਸਲ ਹੋਇਆ ਹੈ ਅਤੇ ਉਹ ਇਸ ਪਵਿੱਤਰ ਨਗਰੀ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ।

4,751 ਤੋਂ ਵੱਧ ਸ਼ਹਿਰੀ ਇਕਾਈਆਂ ਨੇ ਲਿਆ ਸੀ ਹਿੱਸਾ

ਮੰਤਰੀ ਨੇ ਦੱਸਿਆ ਕਿ ‘ਸਵੱਛ ਸਰਵੇਖਣ 2025-26’ ਦੇ 10ਵੇਂ ਸੰਸਕਰਣ ਵਿੱਚ ਦੇਸ਼ ਭਰ ਦੀਆਂ 4,751 ਤੋਂ ਵੱਧ ਸ਼ਹਿਰੀ ਸਥਾਨਕ ਇਕਾਈਆਂ ਨੇ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ ਸਫ਼ਾਈ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 63 ਇਕਾਈਆਂ ਨੂੰ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਸਨਮਾਨਿਤ ਇਕਾਈਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਸਵੱਛ ਸ਼ਹਿਰ ਵਜੋਂ ਮਾਨਤਾ ਮਿਲੀ ਹੈ। ਇਹ ਪੁਰਸਕਾਰ ਸ਼ਹਿਰ ਵਿੱਚ ਲਗਾਤਾਰ ਚਲਾਈ ਗਈ ਸਫ਼ਾਈ ਮੁਹਿੰਮ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਦਾ ਨਤੀਜਾ ਮੰਨਿਆ ਜਾ ਰਿਹਾ ਹੈ।

ਸਫ਼ਾਈ ਕਰਮਚਾਰੀਆਂ ਅਤੇ ਲੋਕਾਂ ਦੀ ਮਿਹਨਤ ਨੂੰ ਦਿੱਤਾ ਸਿਹਰਾ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਵਿਭਾਗ ਦਾ ਨਹੀਂ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਵਸਨੀਕ, ਸਫ਼ਾਈ ਕਰਮਚਾਰੀ, ਕੌਂਸਲਰ ਅਤੇ ਵਲੰਟੀਅਰ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਮੁਤਾਬਕ ਨਗਰ ਕੌਂਸਲ ਦੀ ਟੀਮ, ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਦਿਨ-ਰਾਤ ਮਿਹਨਤ ਕਰਕੇ ਸਫ਼ਾਈ ਨੂੰ ਲੋਕ ਲਹਿਰ ਦਾ ਰੂਪ ਦਿੱਤਾ।

ਪੁਰਸਕਾਰ ਸਮਾਰੋਹ ਦੌਰਾਨ ਸਵੱਛ ਭਾਰਤ ਮਿਸ਼ਨ ਦੇ ਸਟੇਟ ਮਿਸ਼ਨ ਡਾਇਰੈਕਟਰ ਅਤੇ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ ਅਤੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵੀ ਮੌਜੂਦ ਸਨ।

ਧਾਰਮਿਕ ਮਹੱਤਤਾ ਕਾਰਨ ਸਫ਼ਾਈ ਬਣਦੀ ਹੈ ਹੋਰ ਵੀ ਅਹਿਮ

ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਬਹੁਤ ਵੱਡੀ ਹੈ। ਇੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੈਲਾਨੀ ਪਹੁੰਚਦੇ ਹਨ। ਇਸ ਲਈ ਸ਼ਹਿਰ ਦੀਆਂ ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣਾ ਵਿਸ਼ੇਸ਼ ਮਹੱਤਵ ਰੱਖਦਾ ਹੈ।

ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਸਨਮਾਨ ਨਾਲ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਨਵੀਂ ਪ੍ਰੇਰਣਾ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਫ਼ਾਈ ਨੂੰ ਸਿਰਫ਼ ਮੁਹਿੰਮ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ।

ਬੈਂਸ ਨੇ ਕਿਹਾ ਕਿ ਇਹ ਪੁਰਸਕਾਰ ਸਾਬਤ ਕਰਦਾ ਹੈ ਕਿ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕ ਮਿਲ ਕੇ ਕੰਮ ਕਰਨ ਤਾਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version