ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਤਿੰਨ ਦਿਨਾਂ ਪੰਜਾਬ ਦੌਰਾ ਅੰਤਿਮ ਰੂਪ ਧਾਰ ਚੁੱਕਾ ਹੈ। ਪਾਰਟੀ ਸੂਤਰਾਂ ਅਨੁਸਾਰ ਨਿਤਿਨ ਨਬੀਨ 20 ਜੂਨ ਨੂੰ ਪੰਜਾਬ ਪਹੁੰਚਣਗੇ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕਰਨਗੇ। ਇਸ ਦੌਰਾਨ ਉਹ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨਾਲ ਵੀ ਅਹਿਮ ਮੀਟਿੰਗਾਂ ਕਰਨਗੇ।
ਜਾਣਕਾਰੀ ਮੁਤਾਬਕ ਨਿਤਿਨ ਨਬੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਤੋਂ ਬਾਅਦ ਉਹ ਪਾਰਟੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਠਨਾਤਮਕ ਗਤੀਵਿਧੀਆਂ ਦਾ ਜਾਇਜ਼ਾ ਲੈਣਗੇ।
ਭਾਜਪਾ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਦੌਰਾ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਨਿਤਿਨ ਨਬੀਨ ਸੂਬੇ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਅਤੇ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਤੋਂ ਇਲਾਵਾ ਉਹ ਪਾਰਟੀ ਵਰਕਰਾਂ ਨੂੰ ਵੀ ਸੰਬੋਧਨ ਕਰ ਸਕਦੇ ਹਨ।
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਨਿਤਿਨ ਨਬੀਨ ਅਟਾਰੀ-ਵਾਘਾ ਸਰਹੱਦ ‘ਤੇ ਵਿਸ਼ੇਸ਼ ਯੋਗ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਸਮਾਗਮ ਦੌਰਾਨ ਉਹ ਬਾਰਡਰ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨਾਲ ਯੋਗਾ ਕਰਨਗੇ। ਅਟਾਰੀ ਸਰਹੱਦ ‘ਤੇ ਹੋਣ ਵਾਲਾ ਇਹ ਪ੍ਰੋਗਰਾਮ ਦੇਸ਼ਭਗਤੀ ਅਤੇ ਸਿਹਤ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦੇਵੇਗਾ।
ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਦੇ ਸਕਦਾ ਹੈ। ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੇ ਵਿਸਥਾਰ ਅਤੇ ਸੰਗਠਨਾਤਮਕ ਮਜ਼ਬੂਤੀ ਨੂੰ ਲੈ ਕੇ ਵੀ ਇਸ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਭਾਜਪਾ ਵਰਕਰਾਂ ਵਿੱਚ ਨਿਤਿਨ ਨਬੀਨ ਦੇ ਦੌਰੇ ਨੂੰ ਲੈ ਕੇ ਖਾਸਾ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਪਾਰਟੀ ਵੱਲੋਂ ਉਨ੍ਹਾਂ ਦੇ ਸਵਾਗਤ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।












