ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਜਪਾ ਨੇ ਸੂਬੇ ਵਿੱਚ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 18 ਸਤੰਬਰ ਤੋਂ ਪੰਜਾਬ ਵਿੱਚ 12 ਦਿਨਾਂ ਦੀ ਰਾਜਵਿਆਪੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ 30 ਸਤੰਬਰ ਤੱਕ ਚੱਲੇਗੀ ਅਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਯਾਤਰਾ ਦੀ ਸ਼ੁਰੂਆਤ ਕਰਨਗੇ। ਰਿਪੋਰਟਾਂ ਮੁਤਾਬਕ ਯਾਤਰਾ ਇੱਕੋ ਸਮੇਂ ਚਾਰ ਵੱਖ-ਵੱਖ ਥਾਵਾਂ ਤੋਂ ਰਵਾਨਾ ਹੋਵੇਗੀ। ਇਨ੍ਹਾਂ ਵਿੱਚ ਪਠਾਨਕੋਟ ਨੇੜੇ ਲਖਨਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ, ਤਲਵੰਡੀ ਸਾਬੋ ਦਾ ਤਖ਼ਤ ਦਮਦਮਾ ਸਾਹਿਬ, ਫਤਹਿਗੜ੍ਹ ਸਾਹਿਬ ਅਤੇ ਫਾਜ਼ਿਲਕਾ ਦਾ ਵੀਰ ਭੂਮੀ ਯਾਦਗਾਰ ਸ਼ਾਮਲ ਹਨ।
ਭਾਜਪਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਸਰਕਾਰ ਦੇ ਕੰਮਕਾਜ ਨੂੰ ਮੁੱਖ ਸਿਆਸੀ ਮੁੱਦਿਆਂ ਵਜੋਂ ਉਭਾਰਨ ਦੀ ਤਿਆਰੀ ਕੀਤੀ ਹੈ। ਯਾਤਰਾ ਦੌਰਾਨ ਪਾਰਟੀ ਆਗੂ ਵੱਖ-ਵੱਖ ਹਲਕਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਨੌਜਵਾਨਾਂ ਨੂੰ ਜੋੜਨ ਲਈ ਬਾਈਕ ਰੈਲੀਆਂ ਸਮੇਤ ਕਈ ਪ੍ਰੋਗਰਾਮ ਕੀਤੇ ਜਾਣ ਦੀ ਯੋਜਨਾ ਹੈ।
ਯਾਤਰਾ ਦੇ ਸਮਾਪਤੀ ਸਮਾਗਮ ਨੂੰ ਲੈ ਕੇ ਜਲੰਧਰ ਵਿੱਚ ਵੱਡੀ ਰੈਲੀ ਦੀ ਤਿਆਰੀ ਹੈ। ਰਿਪੋਰਟਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 30 ਸਤੰਬਰ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਅਕਤੂਬਰ ਵਿੱਚ ਪੰਜਾਬ ਦੌਰੇ ਦੀ ਸੰਭਾਵਨਾ ਦੱਸੀ ਗਈ ਹੈ।
ਇਸ ਮੁਹਿੰਮ ਨੂੰ ਭਾਜਪਾ ਵੱਲੋਂ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਪਹੁੰਚ ਵਧਾਉਣ ਦੀ ਵੱਡੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
