ਰਾਏਪੁਰ: ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ਵਿੱਚ ਕਾਰ ਹਾਦਸੇ ਦੌਰਾਨ ਭਾਰਤੀ ਜਨਤਾ ਪਾਰਟੀ (BJP) ਦੀ ਰਾਜ ਸਭਾ ਮੈਂਬਰ ਲਕਸ਼ਮੀ ਵਰਮਾ ਅਤੇ ਉਨ੍ਹਾਂ ਦਾ ਡਰਾਈਵਰ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਿਸ ਅਧਿਕਾਰੀਆਂ ਮੁਤਾਬਕ, ਇਹ ਹਾਦਸਾ ਸ਼ੁੱਕਰਵਾਰ ਦੇਰ ਸ਼ਾਮ ਬਲੌਦਾਬਾਜ਼ਾਰ-ਰਾਏਪੁਰ ਮਾਰਗ ’ਤੇ ਖਰੋਰਾ ਥਾਣਾ ਖੇਤਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਵਰਮਾ ਗੁਆਂਢੀ ਜ਼ਿਲ੍ਹੇ ਬਲੌਦਾਬਾਜ਼ਾਰ-ਭਾਟਾਪਾਰਾ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਏਪੁਰ ਵਾਪਸ ਪਰਤ ਰਹੀ ਸੀ।
ਕਾਰ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ ਅਤੇ ਇੱਕ ਸੁਰੱਖਿਆ ਕਰਮਚਾਰੀ ਵੀ ਸਵਾਰ ਸੀ। ਅਧਿਕਾਰੀਆਂ ਅਨੁਸਾਰ, ਖਰੋਰਾ ਥਾਣਾ ਖੇਤਰ ਵਿੱਚ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 59 ਸਾਲਾ ਲਕਸ਼ਮੀ ਵਰਮਾ ਅਤੇ ਉਨ੍ਹਾਂ ਦਾ ਡਰਾਈਵਰ ਜ਼ਖ਼ਮੀ ਹੋ ਗਏ, ਜਦਕਿ ਦੂਜੀ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।
ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਲਕਸ਼ਮੀ ਵਰਮਾ ਨੂੰ ਰਾਏਪੁਰ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਵਿੱਚ ਦਾਖ਼ਲ ਕਰਵਾਇਆ ਗਿਆ ਹੈ।
AIIMS ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਲਕਸ਼ਮੀ ਵਰਮਾ ਦੇ ਸੱਜੇ ਹੱਥ ਵਿੱਚ ਫ੍ਰੈਕਚਰ ਹੋਇਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨੇ ਬੀਤੀ ਰਾਤ ਨੂੰ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਇਸ ਘਟਨਾ ’ਤੇ ਚਿੰਤਾ ਪ੍ਰਗਟਾਈ ਅਤੇ ਲਕਸ਼ਮੀ ਵਰਮਾ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।
