Home ਪੰਜਾਬ ਮਮਦੋਟ ’ਚ ਖ਼ੂਨੀ ਵਾਰਦਾਤ, 1 ਨੌਜਵਾਨ ਦੀ ਮੌਤ

ਮਮਦੋਟ ’ਚ ਖ਼ੂਨੀ ਵਾਰਦਾਤ, 1 ਨੌਜਵਾਨ ਦੀ ਮੌਤ

0

ਫਿਰੋਜ਼ਪੁਰ: ਜ਼ਿਲ੍ਹੇ ਦੇ ਕਸਬਾ ਮਮਦੋਟ ਵਿੱਚ ਸ਼ਨੀਵਾਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਰ ਸਵਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਹਮਲਾਵਰ ਕਾਰ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਰਸਤੇ ਵਿੱਚ ਇੱਕ ਕਾਰ ਵਿੱਚ ਸਵਾਰ ਵਿਅਕਤੀਆਂ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ਦੌਰਾਨ ਨੇੜੇ ਮੌਜੂਦ ਮੋਟਰਸਾਈਕਲ ਸਵਾਰਾਂ ਨੂੰ ਵੀ ਗੋਲੀਆਂ ਦਾ ਨਿਸ਼ਾਨਾ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਦੇ ਡਾਕਟਰ ਅਨੁਸਾਰ ਕਰੀਬ ਰਾਤ 8 ਵਜੇ 2 ਗੋਲੀ ਲੱਗੇ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ ਗੁਰਪ੍ਰੀਤ ਸਿੰਘ ਦੀ ਹਾਲਤ ਬਹੁਤ ਗੰਭੀਰ ਸੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੂਜੇ ਜ਼ਖ਼ਮੀ ਨੂੰ ਗੰਭੀਰ ਹਾਲਤ ਦੇ ਮੱਦੇਨਜ਼ਰ ਉੱਚ ਪੱਧਰੀ ਇਲਾਜ ਲਈ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਇੱਥੇ ਇਹ ਦੱਸਣ ਯੋਗ ਹੋਵੇਗਾ ਕਿ ਕੁਝ ਮਹੀਨੇ ਪਹਿਲਾਂ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਗੈਗਸਟਰ ਗੁਰਪ੍ਰੀਤ ਸੇਖੋਂ ਧੜ੍ਹੇ ਵੱਲੋਂ ਆਪਣੇ ਸਾਥੀਆਂ ਦੀਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣਾਂ ਲਈ ਨਾਮਜ਼ਦਗੀਆਂ ਕਰਵਾਇਆ ਸਨ। ਦੋ ਵਾਰਡ ਛੱਡ ਕੇ ਦੂਸਰੀ ਕਿਸੇ ਵੀ ਧੜੇ ਦੇ ਉਮੀਦਵਾਰਾ ਨੂੰ ਨਾਮਜ਼ਦਗੀਆਂ ਦਾਖਲ ਨਹੀਂ ਕਰਨ ਦਿੱਤੀਆਂ ਗਈਆਂ ਸਨ। ਜਿਸ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੇ ਵੱਡੇ ਭਰਾ ਦੀ ਪਤਨੀ ਵੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਐੱਮ.ਸੀ ਦੀ ਚੋਣ ਬਿਨਾਂ ਮੁਕਾਬਲਾ ਜਿੱਤੀ ਸੀ।ਨਾਮਜ਼ਦਗੀਆਂ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ ਸਨ।

ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੁਰਾਣੀ ਆਪਸੀ ਰੰਜਿਸ਼ ਅਤੇ ਚੋਣਾਂ ਦੌਰਾਨ ਹੋਇਆ ਝਗੜਾ ਮੁੱਖ ਕਾਰਨ ਹੋ ਸਕਦਾ ਹੈ। ਜ਼ਿਲਾ ਪੁਲਸ ਮੁਖੀ ਭੁਪਿੰਦਰ ਸਿੰਘ ਸਿੱਧੂ ਅਨੁਸਾਰ ਪੀੜਤਾਂ ਅਤੇ ਹਮਲਾਵਰਾਂ ਵਿਚਕਾਰ ਪਹਿਲਾਂ ਵੀ ਤਕਰਾਰ ਅਤੇ ਲੜਾਈ ਹੋ ਚੁੱਕੀ ਸੀ। ਪੁਲਸ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਕੁਝ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮਮਦੋਟ ਵਿੱਚ ਵਾਪਰੀ ਇਸ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਨੇ ਇੱਕ ਵਾਰ ਪੁਲਸ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version