Home ਪੰਜਾਬ ਧੂਰੀ ਦੇ ਘਰ ‘ਚੋਂ ਔਰਤ ਅਤੇ ਨੌਜਵਾਨ ਦੀਆਂ ਲਾਸ਼ਾਂ ਬਰਾਮਦ

ਧੂਰੀ ਦੇ ਘਰ ‘ਚੋਂ ਔਰਤ ਅਤੇ ਨੌਜਵਾਨ ਦੀਆਂ ਲਾਸ਼ਾਂ ਬਰਾਮਦ

0

ਧੂਰੀ: ਪੰਜਾਬ ਦੇ ਧੂਰੀ ਸ਼ਹਿਰ ਵਿੱਚ ਦੋ ਸ਼ੱਕੀ ਮੌਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ਵਿੱਚ ਸਥਿਤ ਇੱਕ ਘਰ ਵਿੱਚੋਂ 31 ਸਾਲਾ ਔਰਤ ਅਤੇ 27 ਸਾਲਾ ਨੌਜਵਾਨ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ 31 ਸਾਲਾ ਹਰਪਾਲ ਕੌਰ, ਪਤਨੀ ਬਲਜਿੰਦਰ ਸਿੰਘ ਵਾਸੀ ਧੂਰੀ ਵਜੋਂ ਹੋਈ ਹੈ। ਉੱਥੇ ਹੀ ਨੌਜਵਾਨ ਦੀ ਪਛਾਣ 27 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ, ਵਾਸੀ ਪਿੰਡ ਪੁੰਨਾਵਾਲ ਵਜੋਂ ਦੱਸੀ ਗਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਥਾਣੇ ਦੇ ਐਸਐਚਓ ਜੈਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਮ ਕਰੀਬ 4:30 ਵਜੇ ਸੂਚਨਾ ਮਿਲੀ ਸੀ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਹੈ। ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਅੰਦਰੋਂ ਕੋਈ ਜਵਾਬ ਨਹੀਂ ਮਿਲ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਈ।

ਅੰਦਰ ਜਾਣ ‘ਤੇ ਔਰਤ ਦੀ ਲਾਸ਼ ਫਰਸ਼ ‘ਤੇ ਪਈ ਮਿਲੀ, ਜਦਕਿ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਤਾਂ ਜੋ ਘਟਨਾ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਸਕਣ।

ਦੂਜੇ ਪਾਸੇ, ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਹਸਪਤਾਲ ਲਿਆਂਦੀਆਂ ਗਈਆਂ ਸਨ। ਹਸਪਤਾਲ ਵਿੱਚ ਸਿਰਫ਼ ਇੱਕ ਫ੍ਰੀਜ਼ਰ ਹੋਣ ਕਾਰਨ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੰਗਰੂਰ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਡਾਕਟਰ ਮੁਤਾਬਕ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਫਿਲਹਾਲ ਦੋਵਾਂ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਇਸ ਮਾਮਲੇ ਦੀ ਅਸਲ ਤਸਵੀਰ ਸਾਹਮਣੇ ਆ ਸਕੇਗੀ।

NO COMMENTS

LEAVE A REPLY

Please enter your comment!
Please enter your name here

Exit mobile version