ਜਲਾਲਾਬਾਦ : ਜਲਾਲਾਬਾਦ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿੱਚ ਡੀਏਵੀ ਪਬਲਿਕ ਸਕੂਲ, ਸੰਤ ਕਬੀਰ ਗੁਰੂਕੁਲ ਅਤੇ ਏਕਮੇ ਪਬਲਿਕ ਸਕੂਲ ਸ਼ਾਮਲ ਹਨ। ਸਾਰੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪ੍ਰਸ਼ਾਸਨ ਹਾਈ ਅਲਰਟ ‘ਤੇ ਚਲਾ ਗਿਆ ਅਤੇ ਸ਼ਹਿਰ ਦੇ ਸਾਰੇ ਨਿੱਜੀ ਸਕੂਲ ਬੰਦ ਕਰਵਾ ਦਿੱਤੇ ਗਏ।
ਫਰੀਦਕੋਟ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫਰੀਦਕੋਟ ਦੇ ਛੇ ਸਕੂਲਾਂ ਨੂੰ ਅੱਜ ਸਵੇਰੇ ਖਾਲਿਸਤਾਨ ਨੈਸ਼ਨਲ ਆਰਮੀ-ਬੱਬਰ ਖਾਲਸਾ ਦੇ ਨਾਮ ‘ਤੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਸਾਰੇ ਸਬੰਧਤ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਹਰ ਕੋਨੇ-ਕੋਨੇ ਦੀ ਤਲਾਸ਼ੀ ਲਈ, ਪਰ ਕਿਸੇ ਵੀ ਸਕੂਲ ਵਿੱਚੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਜਾਣਕਾਰੀ ਦੇ ਅਨੁਸਾਰ, ਸਵੇਰੇ ਲਗਭਗ 10:15 ਵਜੇ ਦੋ ਵੱਖ-ਵੱਖ ਈਮੇਲ ਪ੍ਰਾਪਤ ਹੋਏ। ਪਹਿਲੀ ਈਮੇਲ ਵਿੱਚ, ਸਾਦਿਕ ਸਥਿਤ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਧਮਕੀ ਦਿੱਤੀ ਗਈ। ਇਸ ਤੋਂ ਬਾਅਦ, ਦੂਜੀ ਈਮੇਲ ਵਿੱਚ, ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜ਼ੀ ਸਕੂਲ ਅਤੇ ਸੇਂਟ ਮੈਰੀ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ ਸੀ।
ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ, ਡੀ.ਐਸ.ਪੀ. ਅਤੇ ਐਸ.ਐਚ.ਓ. ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਕੂਲਾਂ ਦਾ ਦੌਰਾ ਕੀਤਾ। ਡੀ.ਐਸ.ਪੀ. ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਨ੍ਹਾਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਪੁਲਿਸ ‘ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
