ਜਲੰਧਰ : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ‘ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਾਰਡਰ ਰੇਂਜ ਪੁਲਿਸ ਨੇ ‘ਰੈੱਡ ਅਲਰਟ’ ਨਾਕਾਬੰਦੀ ਮੁਹਿੰਮ ਸ਼ੁਰੂ ਕੀਤੀ ਹੈ। ਬਾਰਡਰ ਰੇਂਜ ਦੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਦੀ ਅਗਵਾਈ ਹੇਠ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਸਾਰੇ ਸਰਹੱਦੀ ਜ਼ਿਲ੍ਹਿਆਂ ਦੀ ਨਾਲੋ-ਨਾਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਹ ਵਿਸ਼ੇਸ਼ ਮੁਹਿੰਮ ਸਾਰੇ ਜ਼ਿ ਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਈ ਗਈ। ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਖ਼ੁਦ ਫੀਲਡ ਵਿੱਚ ਦਾਖ਼ਲ ਹੋ ਕੇ ਵੱਖ-ਵੱਖ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਕਿਆਂ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਚੌਕਸੀ ਨਾਲ ਨਿਭਾਉਣ ਦੀ ਹਦਾਇਤ ਕੀਤੀ ।
ਇਸ ਮੁਹਿੰਮ ਦੌਰਾਨ ਸਮੂਹ ਗਜ਼ਟਿਡ ਅਧਿਕਾਰੀ, ਸਟੇਸ਼ਨ ਇੰਚਾਰਜ ਅਤੇ ਯੂਨਿਟ ਇੰਚਾਰਜ ਖੁਦ ਨਾਕਿਆਂ ‘ਤੇ ਮੌਜੂਦ ਰਹੇ। ਪੁਲਿਸ ਟੀਮਾਂ ਨੇ ਜ਼ਿਲ੍ਹਿਆਂ ਦੇ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾਂ, ਮੁੱਖ ਚੌਕਾਂ, ਪੁਲਾਂ, ਬਾਈਪਾਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਪੁਆਇੰਟ ਬਣਾਏ ਹਨ। ਇੱਥੇ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਸੀ। ਇਸਦਾ ਮੁੱਖ ਉਦੇਸ਼ ਨਸ਼ੀਲੇ ਪਦਾਰਥਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਹੋਰ ਅਪਰਾਧਿਕ ਨੈਟਵਰਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣਾ ਹੈ। ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।












