ਅੰਮ੍ਰਿਤਸਰ: ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਅਤੇ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਉਨ੍ਹਾਂ ਨੇ ਪਵਿੱਤਰ ਗੁਰਧਾਮ ਦੇ ਅਧਿਆਤਮਿਕ ਮਾਹੌਲ ਵਿੱਚ ਕੁਝ ਸਮਾਂ ਬਿਤਾਇਆ। ਇਸ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਇਸ ਮਹਾਨ ਅਸਥਾਨ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ. ਭਾਈਚਾਰੇ ਨਾਲ ਜੁੜੇ ਕਈ ਅਹਿਮ ਮਸਲੇ ਹਨ, ਜਿਨ੍ਹਾਂ ਨੂੰ ਪੰਜਾਬ ਅਤੇ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਵੱਲੋਂ ਮੁੱਖ ਮੰਤਰੀ, ਐਨ.ਆਰ.ਆਈ. ਮੰਤਰੀ ਅਤੇ ਹੋਰ ਮੰਤਰੀਆਂ ਨਾਲ ਮੁਲਾਕਾਤ ਕਰਕੇ ਇਨ੍ਹਾਂ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ ਹੈ।
ਉਨ੍ਹਾਂ ਪੰਜਾਬ ਅਤੇ ਯੂ.ਕੇ ਵਿਚਕਾਰ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ-ਯੂ.ਕੇ ਵਪਾਰਕ ਸਮਝੌਤੇ ਦਾ ਪੰਜਾਬ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ, ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਅਤੇ ਵਪਾਰ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਤਨਮਨਜੀਤ ਸਿੰਘ ਢੇਸੀ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਦੇ ਵੱਡੇ ਏਵੀਏਸ਼ਨ ਹੱਬ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬਿਆਂ ਨੂੰ ਵੀ ਲਾਭ ਮਿਲੇਗਾ।
ਇਸ ਤੋਂ ਇਲਾਵਾ ਉਨ੍ਹਾਂ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਕਬੱਡੀ ਪ੍ਰਮੋਟਰਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਵੀ ਚੁੱਕਿਆ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਕੇਂਦਰ ਸਰਕਾਰ ਅਤੇ ਵਿਦੇਸ਼ੀ ਸਰਕਾਰਾਂ ਨਾਲ ਮਿਲ ਕੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਯੂਕੇ ਦੀ ਸੰਸਦ ਵਿੱਚ ਉਹ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦੇ ਲਗਾਤਾਰ ਉਠਾਉਂਦੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ‘ਤੇ ਖੁਸ਼ੀ ਪ੍ਰਗਟਾਈ ਅਤੇ ਪੰਜਾਬ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।
