ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਕਸਬਾ ਅਟਾਰੀ ਇਲਾਕੇ ‘ਚ ਬੀ.ਐੱਸ.ਐੱਫ ਨੇ ਇਕ ਸ਼ੱਕੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ । ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਨਾਗਰਿਕਤਾ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਹ ਸਪੱਸ਼ਟ ਨਹੀਂ ਹੋਇਆ ਕਿ ਉਹ ਪਾਕਿਸਤਾਨੀ ਨਾਗਰਿਕ ਸੀ ਜਾਂ ਬੰਗਲਾਦੇਸ਼ੀ।
ਜਾਣਕਾਰੀ ਮੁਤਾਬਕ ਸਰਹੱਦੀ ਖੇਤਰ ‘ਚ ਸ਼ੱਕੀ ਗਤੀਵਿਧੀ ਦੇਖੇ ਜਾਣ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਾਰਵਾਈ ਕੀਤੀ। ਗੋਲੀ ਲੱਗਣ ਨਾਲ ਘੁਸਪੈਠੀਏ ਦੀ ਮੌਤ ਹੋ ਗਈ। ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ, ਜਦਕਿ ਇਕ ਤੰਬਾਕੂ ਦਾ ਪੈਕਟ ਬਰਾਮਦ ਹੋਇਆ ਹੈ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਉਸ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਪਹੁੰਚਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਹੀ ਉਸ ਦੀ ਨਾਗਰਿਕਤਾ ਅਤੇ ਪੂਰੇ ਮਾਮਲੇ ਦੀ ਸਥਿਤੀ ਸਪੱਸ਼ਟ ਹੋ ਸਕੇਗੀ।
