ਜੰਮੂ: ਜੰਮੂ-ਕਸ਼ਮੀਰ ਦੇ ਆਰਐਸ ਪੁਰਾ ਸੈਕਟਰ ਵਿੱਚ ਸੀਮਾ ਸੁਰੱਖਿਆ ਬਲ (BSF) ਦੀ ਇੱਕ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਲਕਸ਼ਮੀ ਵਜੋਂ ਦੱਸੀ ਜਾ ਰਹੀ ਹੈ। ਉਹ ਆਰਐਸ ਪੁਰਾ ਸੈਕਟਰ ਵਿੱਚ ਸਥਿਤ ਇੱਕ ਫਾਰਵਰਡ ਬਾਰਡਰ ਆਊਟਪੋਸਟ (BOP) ’ਤੇ ਤਾਇਨਾਤ ਸੀ।
ਜਾਣਕਾਰੀ ਮੁਤਾਬਕ ਘਟਨਾ ਦੌਰਾਨ ਮਹਿਲਾ ਕਾਂਸਟੇਬਲ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਢਲੀ ਜਾਣਕਾਰੀ ਅਨੁਸਾਰ ਫਾਇਰਿੰਗ ਕਿਸ ਹਾਲਾਤ ਵਿੱਚ ਹੋਈ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਗੋਲੀ ਕਿਵੇਂ ਚੱਲੀ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸੀ।
ਘਟਨਾ ਤੋਂ ਬਾਅਦ ਸਬੰਧਤ ਸੁਰੱਖਿਆ ਅਧਿਕਾਰੀਆਂ ਵੱਲੋਂ ਵੀ ਮਾਮਲੇ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।










