ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਨਵੀਂ ਬਣੀ ਧਰਮਸ਼ਾਲਾ ਅਤੇ ਪਸ਼ੂ ਹਸਪਤਾਲ ਦੀ ਇਮਾਰਤ ਦਾ ਉਦਘਾਟਨ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ’ਤੇ 12.20 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਇਮਾਰਤ ਵਿੱਚ 20×30 ਫੁੱਟ ਦਾ ਹਾਲ ਅਤੇ ਰਸੋਈ ਬਣਾਈ ਗਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸੇ ਪਿੰਡ ਵਿੱਚ 63.12 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦਾ ਨਿਰਮਾਣ ਕੀਤਾ ਗਿਆ ਹੈ। ਇਸ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਨਹੀਂ ਜਾਣਾ ਪਵੇਗਾ। ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪੇਂਡੂ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬਿਹਤਰ ਸਹੂਲਤਾਂ ਮਿਲ ਸਕਣ।
ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਹਲਕੇ ਦੇ ਪਿੰਡ ਰਾਏਪੁਰ ਕਲਾਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਪਿੰਡ ਵਿੱਚ 6 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ, 8 ਲੱਖ ਰੁਪਏ ਦੀ ਲਾਗਤ ਨਾਲ ਡਰੇਨੇਜ ਦਾ ਕੰਮ ਕਰਵਾਇਆ ਜਾਵੇਗਾ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਠੋਸ ਕੂੜਾ ਪ੍ਰਬੰਧਨ (ਸਾਲਿਡ ਵੇਸਟ ਮੈਨੇਜਮੈਂਟ) ਤਹਿਤ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ।
