ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੈਨੇਡਾ ਦੇ ਰਾਜਦੂਤ ਕ੍ਰਿਸਟੋਫਰ ਕੂਟਰ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਸੰਤ ਕਬੀਰ ਕੁਟੀਰ ਵਿੱਚ ਹੋਈ, ਜਿਸ ਵਿੱਚ ਦੋਵਾਂ ਧਿਰਾਂ ਨੇ ਹਰਿਆਣਾ ਅਤੇ ਕੈਨੇਡਾ ਵਿਚਕਾਰ ਸਮਾਜਿਕ, ਵਿੱਦਿਅਕ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿਦੇਸ਼ ਸਹਿਯੋਗ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।
ਮੀਟਿੰਗ ਦਾ ਮੁੱਖ ਉਦੇਸ਼ ਦੋਵਾਂ ਖੇਤਰਾਂ ਵਿਚਕਾਰ ਨਵੇਂ ਸਮਾਜਿਕ ਅਤੇ ਪਰਿਵਾਰਿਕ ਰਿਸ਼ਤਿਆਂ ਨੂੰ ਵਧਾਉਣਾ ਰਿਹਾ। ਇਸ ਦੌਰਾਨ, ਕੈਨੇਡਾ ਦੇ ਰਾਜਦੂਤ ਨੇ ਹਰਿਆਣਾ ਦੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਪਹਿਲ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਦੀਆਂ ਕਈ ਇੰਡਸਟਰੀਆਂ ਹੁਨਰਮੰਦ ਮਨੁੱਖੀ ਸਰੋਤਾਂ ਦੀ ਤਲਾਸ਼ ਵਿੱਚ ਹਨ ਅਤੇ ਹਰਿਆਣਾ ਦੇ ਨੌਜਵਾਨ ਉਨ੍ਹਾਂ ਲਈ ਢੁਕਵੇਂ ਸਾਬਤ ਹੋ ਸਕਦੇ ਹਨ। ਮੀਟਿੰਗ ਵਿੱਚ ਵੇਸਟ-ਟੂ-ਐਨਰਜੀ, ਬਿਜਲੀ ਉਤਪਾਦਨ ਅਤੇ ਖਨਨ ਖੇਤਰ ਵਿੱਚ ਹਰਿਆਣਾ ਦੇ ਨੌਜਵਾਨਾਂ ਦੀ ਭਾਗੀਦਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਇਸ ਤੋਂ ਇਲਾਵਾ, ਕੈਨੇਡਾ ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਹਰਿਆਣਾ ਦੇ ਹੁਨਰਮੰਦ ਉੱਦਮੀਆਂ ਨੂੰ ਕੈਨੇਡਾ ਵਿੱਚ ਵਪਾਰ ਸਥਾਪਤ ਕਰਨ ਵਿੱਚ ਸਹਿਯੋਗ ਦੇਣਗੇ।
ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਭਾਈਵਾਲੀ ਦੀ ਸੰਭਾਵਨਾ ਜਤਾਈ ਗਈ। ਕੈਨੇਡਾ ਦੀਆਂ ਮੁੱਖ ਯੂਨੀਵਰਸਿਟੀਆਂ ਨੂੰ ਹਰਿਆਣਾ ਵਿੱਚ ਕੈਂਪਸ ਸਥਾਪਤ ਕਰਨ ਲਈ ਉਤਸ਼ਾਹਿਤ ਕਰਨ ‘ਤੇ ਵੀ ਚਰਚਾ ਹੋਈ। ਨਾਲ ਹੀ, ਕੈਨੇਡਾ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਲਈ ਆਕਰਸ਼ਿਤ ਕਰਨ ਲਈ ਇੱਕ ਵਿਸਤ੍ਰਿਤ ਰੋਡਮੈਪ ਤਿਆਰ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਦੋਵਾਂ ਦੇਸ਼ਾਂ ਦਰਮਿਆਨ ਭਵਿੱਖ ਵਿੱਚ ਹੋਣ ਵਾਲੇ ਡੂੰਘੇ ਸਹਿਯੋਗ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।












