ਫਾਜ਼ਿਲਕਾ : ਫਾਜ਼ਿਲਕਾ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਤਿੰਦਰ ਸਿੰਘ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਫਾਜ਼ਿਲਕਾ ਵਿੱਚ ਸਲੇਮਸ਼ਾਹ ਰੇਲਵੇ ਕਰਾਸਿੰਗ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇੱਥੇ ਮੋਟਰਸਾਈਕਲ ਸਵਾਰ ਇੱਕ ਅਣਪਛਾਤੇ ਹਮਲਾਵਰ ਨੇ ਜਤਿੰਦਰ ਸਿੰਘ ਜੱਗੀ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਸੀ। ਗੋਲੀ ਲੱਗਣ ਕਾਰਨ ਜਤਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।
ਦੂਜੇ ਪਾਸੇ, ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਕੁਲਵੰਤ ਸਿੰਘ, ਆਕਾਸ਼ਦੀਪ ਸਿੰਘ ਅਤੇ ਸੰਤੋਸ਼ ਰਾਣੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਲਾਕੇ ਵਿੱਚ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਨਾਲ ਸਨਸਨੀ ਫੈਲ ਗਈ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗੋਲੀਬਾਰੀ ਦਾ ਕਾਰਨ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਹੈ।










