ਪ੍ਰਤਾਪਗੜ੍ਹ: ਭਾਜਪਾ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਇਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸਾਈਬਰ ਪੁਲਿਸ ਸਟੇਸ਼ਨ ਇੰਚਾਰਜ ਰਾਜੀਵ ਕੁਮਾਰ ਤਿਵਾਰੀ ਨੇ ਦੱਸਿਆ ਕਿ ਰਾਣੀਗੰਜ ਦੇ ਸਪਾ ਵਿਧਾਇਕ ਰਾਕੇਸ਼ ਕੁਮਾਰ ਵਰਮਾ ਦੀ ਸੋਸ਼ਲ ਮੀਡੀਆ ‘ਤੇ ਰਣੌਤ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ।
ਉਨ੍ਹਾਂ ਕਿਹਾ ਕਿ ਵੀਡੀਓ ਦੇ ਆਧਾਰ ‘ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅੰਸ਼ੁਮਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਪਾ ਵਿਧਾਇਕ ਨੇ ਮਹਿਲਾ ਸੰਸਦ ਮੈਂਬਰ ਵਿਰੁੱਧ ਅਣਉਚਿਤ ਟਿੱਪਣੀ ਕੀਤੀ ਹੈ। ਪੁਲਿਸ ਨੇ ਵਰਮਾ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 352 (ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ) ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਸਮੇਤ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।












