Home ਪੰਜਾਬ ਚੰਡੀਗੜ੍ਹ ‘ਚ ਆਈਫੋਨ ਲੰਗਰ ’ਤੇ ਪਾਬੰਦੀ, ਪ੍ਰਸ਼ਾਸਨ ਨੇ ਦਿੱਤੇ ਰੋਕਣ ਦੇ ਹੁਕਮ

ਚੰਡੀਗੜ੍ਹ ‘ਚ ਆਈਫੋਨ ਲੰਗਰ ’ਤੇ ਪਾਬੰਦੀ, ਪ੍ਰਸ਼ਾਸਨ ਨੇ ਦਿੱਤੇ ਰੋਕਣ ਦੇ ਹੁਕਮ

0

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕਾਰੋਬਾਰੀ ਰਾਕੇਸ਼ ਤ੍ਰੇਹਨ ਵੱਲੋਂ ਐਲਾਨੇ ਗਏ ਆਈਫੋਨ ਲੰਗਰ ’ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਬਿਨਾਂ ਮਨਜ਼ੂਰੀ ਅਜਿਹਾ ਕੋਈ ਸਮਾਗਮ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਪੁਲਿਸ ਨੂੰ ਆਈਫੋਨ ਲੰਗਰ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।

ਪ੍ਰਸ਼ਾਸਨ ਮੁਤਾਬਕ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਕਾਰਨ ਭੀੜ ਬੇਕਾਬੂ ਹੋਣ ਜਾਂ ਭਗਦੜ ਵਰਗੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਹੈ। ਇਸੇ ਕਾਰਨ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੋਗਰਾਮ ’ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਚੰਡੀਗੜ੍ਹ ਦੇ ਐਸਐਸਪੀ ਵੱਲੋਂ ਵੀ ਕਿਹਾ ਗਿਆ ਹੈ ਕਿ ਇਸ ਸਮਾਗਮ ਲਈ ਪੁਲਿਸ ਜਾਂ ਪ੍ਰਸ਼ਾਸਨ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਬਿਨਾਂ ਇਜਾਜ਼ਤ ਅਜਿਹਾ ਪ੍ਰੋਗਰਾਮ ਕਰਵਾਉਣ ਦੀ ਕੋਸ਼ਿਸ਼ ਕਰਨ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਤ੍ਰੇਹਨ ਵੱਲੋਂ ਆਈਫੋਨ ਲੰਗਰ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ ਸੀ। ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ ਜਤਾਈ। ਹੁਣ ਪੁਲਿਸ ਨੂੰ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version