ਮੋਹਾਲੀ: ਮੋਹਾਲੀ ਦੇ ਘੜੂੰਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਮੰਗਲਵਾਰ ਦੇਰ ਰਾਤ ਦੋ ਵਿਦਿਆਰਥੀਆਂ ਵਿਚਕਾਰ ਹੋਇਆ ਝਗੜਾ ਹਿੰਸਕ ਹੋ ਗਿਆ। ਇਸ ਘਟਨਾ ਵਿੱਚ ਇੱਕ ਵਿਦਿਆਰਥੀ ਚਾਕੂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਦਕਿ ਦੂਜੇ ਵਿਦਿਆਰਥੀ ਦੇ ਵੀ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਹੋਸਟਲ ਵਿੱਚ ਹਫੜਾ-ਦਫੜੀ ਮਚ ਗਈ ਅਤੇ ਕਈ ਵਿਦਿਆਰਥੀ ਇਕੱਠੇ ਹੋ ਗਏ।
ਮੁੱਢਲੀ ਜਾਣਕਾਰੀ ਅਨੁਸਾਰ, ਦੋਵੇਂ ਵਿਦਿਆਰਥੀ ਇੱਕੋ ਕਮਰੇ ਵਿੱਚ ਰਹਿੰਦੇ ਸਨ। ਉਨ੍ਹਾਂ ਵਿਚਕਾਰ ਛੱਤ ਵਾਲਾ ਪੱਖਾ ਚਲਾਉਣ ਨੂੰ ਲੈ ਕੇ ਬਹਿਸ ਸ਼ੁਰੂ ਹੋਈ। ਕਹਾਸੁਣੀ ਅਤੇ ਗਾਲੀ-ਗਲੋਚ ਤੋਂ ਬਾਅਦ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਇਸ ਦੌਰਾਨ ਇੱਕ ਵਿਦਿਆਰਥੀ ਨੇ ਕਥਿਤ ਤੌਰ ’ਤੇ ਆਪਣੇ ਰੂਮਮੇਟ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਮੋਹਾਲੀ ਪੁਲਿਸ ਦੀਆਂ ਟੀਮਾਂ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚੀਆਂ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਇਕੱਠ ਨੂੰ ਸ਼ਾਂਤ ਕੀਤਾ। ਘਟਨਾ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਹੋਸਟਲ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਨਾਰਾਜ਼ਗੀ ਜਤਾਈ ਅਤੇ ਯੂਨੀਵਰਸਿਟੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲੇ ਦੇ ਪੂਰੇ ਹਾਲਾਤ ਅਤੇ ਘਟਨਾ ਨਾਲ ਜੁੜੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
