ਉੱਤਰਾਖੰਡ: ਉੱਤਰਾਖੰਡ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ‘ਰੈੱਡ ਐਂਡ ਔਰੇਂਜ’ ਅਲਰਟ ਅਤੇ ਚਾਰਧਾਮ ਯਾਤਰਾ ਰੂਟ ਦੇ ਵੱਖ-ਵੱਖ ਹਿੱਸਿਆਂ ਵਿੱਚ ਢਿੱਗਾਂ ਡਿੱਗਣ ਕਾਰਨ ਪੈਦਾ ਹੋਏ ਮਾੜੇ ਹਾਲਾਤਾਂ ਦੇ ਮੱਦੇਨਜ਼ਰ, ਚਾਰਧਾਮ ਯਾਤਰਾ ਨੂੰ ਅੱਜ ਅਹਿ ਤਿਆਤ ਵਜੋਂ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਕਈ ਥਾਵਾਂ ‘ਤੇ ਯਾਤਰਾ ਮਾਰਗ ਹੋਏ ਪ੍ਰਭਾਵਿਤ
ਅਧਿਕਾਰੀਆਂ ਮੁਤਾਬਕ ਯਾਤਰੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ ਮੌਜੂਦਾ ਮੌਸਮ ਅਤੇ ਯਾਤਰਾ ਰੂਟ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰੂਟ ਪੂਰੀ ਤਰ੍ਹਾਂ ਸੁਰੱਖਿਅਤ ਹੋਣ ਅਤੇ ਹਾਲਾਤ ਆਮ ਵਾਂਗ ਹੋਣ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਗਿਆ ਹੈ। ਇਹ ਫ਼ੈਸਲਾ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ ‘ਤੇ ਯਾਤਰਾ ਮਾਰਗ ਪ੍ਰਭਾਵਿਤ ਹੋਣ ਕਾਰਨ ਲਿਆ ਗਿਆ ਹੈ।
ਗੜ੍ਹਵਾਲ ਦੇ ਕਮਿਸ਼ਨਰ ਆਨੰਦ ਸਵਰੂਪ ਨੇ ਸਾਰੇ ਸਬੰਧਤ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਯਾਤਰਾ ਦੇ ਰੂਟਾਂ ‘ਤੇ ਮੌਜੂਦ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਠਹਿਰਾਇਆ ਜਾਵੇ ਅਤੇ ਕਿਸੇ ਵੀ ਸ਼ਰਧਾਲੂ ਨੂੰ ਉਦੋਂ ਤੱਕ ਅੱਗੇ ਨਾ ਭੇਜਿਆ ਜਾਵੇ ਜਦੋਂ ਤੱਕ ਰੂਟ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨ ਨਹੀਂ ਕੀਤਾ ਜਾਂਦਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਮੀਡੀਆ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਸਮੇਂ ਸਿਰ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਕੋਈ ਅਫਵਾਹ ਜਾਂ ਭੰਬਲਭੂਸਾ ਪੈਦਾ ਨਾ ਹੋਵੇ।
ਅਫਵਾਹਾਂ ਤੋਂ ਬਚਣ ਦੀ ਅਪੀਲ
ਪ੍ਰਸ਼ਾਸਨ ਨੇ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਸੂਚਨਾ ‘ਤੇ ਹੀ ਭਰੋਸਾ ਕਰਨ। ਨਾਲ ਹੀ, ਮੌਸਮ ਅਤੇ ਯਾਤਰਾ ਦੇ ਰੂਟ ਦੇ ਹਾਲਾਤ ਆਮ ਹੋਣ ਤੱਕ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ।












