Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਸਬੰਧੀ ਦਿੱਤਾ ਵੱਡਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਸਬੰਧੀ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਸਬੰਧੀ ਵੱਡਾ ਬਿਆਨ ਦਿੱਤਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਹੈ ਅਤੇ ਪੰਚਾਇਤਾਂ ਵੀ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਸ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਮੈਂ ਨਸ਼ਿਆਂ ਦੇ ਮਾਮਲਿਆਂ ਵਿੱਚ ਕਿਸੇ ‘ਤੇ ਤਰਸ ਨਹੀਂ ਖਾਂਵਾਗਾ, ਮੈਂ ਕਿਸੇ ‘ਤੇ ਰਹਿਮ ਨਹੀਂ ਕਰਾਂਗਾ, ਭਾਵੇਂ ਕੁਝ ਵੀ ਹੋ ਜਾਵੇ। ਮੈਂ ਪੰਜਾਬੀਆਂ ਪ੍ਰਤੀ ਜਵਾਬਦੇਹ ਹਾਂ ਅਤੇ ਉਨ੍ਹਾਂ ਦਾ ਰਿਣੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਅਹੁਦੇ ‘ਤੇ ਬਿਠਾਇਆ ਹੈ।” ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਸੀਂ ਰਾਜਨੀਤਿਕ ਪ੍ਰਭਾਵ ਵਾਲੇ ਮੁਲਜ਼ਮਾਂ ਨੂੰ ਵੀ ਨਹੀਂ ਬਖਸ਼ਾਂਗੇ ਅਤੇ ਕਿਸੇ ਦੀ ਸਿਫਾਰਸ਼ ਕੰਮ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਤਿਆਰੀ ਅਤੇ ਠੋਸ ਦਸਤਾਵੇਜ਼ਾਂ ਨਾਲ ਕਾਰਵਾਈ ਕਰ ਰਹੇ ਹਾਂ। ਵੱਡੀਆਂ ਮੱਛੀਆਂ ਨੂੰ ਕਿਸੇ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।

ਮੁੱਖ ਮੰਤਰੀ ਨੇ ਉਨ੍ਹਾਂ ਸਿਆਸੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਜੋ ਪਹਿਲਾਂ ਕਹਿੰਦੀਆਂ ਸਨ ਕਿ ਪੰਜਾਬ ਸਰਕਾਰ ਸਿਰਫ਼ ਛੋਟੀਆਂ ਮੱਛੀਆਂ ਫੜਦੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਨਹੀਂ ਛੂੰਹਦੀ। ਹੁਣ ਉਹੀ ਆਗੂ ਬੀਤੇ ਦਿਨ ਤੋਂ ਸਾਡੀ ਕਾਰਵਾਈ ਦੀ ਨਿੰਦਾ ਕਰ ਰਹੇ ਹਨ। ਇਸ ਦਾ ਸਪੱਸ਼ਟ ਮਤਲਬ ਹੈ ਕਿ ਉਹ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਰਹੇ ਹਨ। ਹੁਣ ਇਹ ਪੰਜਾਬੀਆਂ ਨੂੰ ਕੀ ਜਵਾਬ ਦੇਣਗੇ?” ਮੁੱਖ ਮੰਤਰੀ ਨੇ ਅੱਗੇ ਕਿਹਾ, “ਸ਼ਾਇਦ ਇਹ ਲੋਕ ਮੈਨੂੰ ਵੀ ਨੁਕਸਾਨ ਪਹੁੰਚਾਉਣਾ ਚਾਹੁੰਦੇ ਹੋਣ, ਪਰ ਮੈਨੂੰ ਇਸ ਤੋਂ ਡਰ ਨਹੀਂ ਹੈ।”

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੇ ਲੋਕਾਂ ਦੇ ਘਰਾਂ ਨੂੰ ਢਾਹ ਕੇ ਜੋ ਆਲੀਸ਼ਾਨ ਬੰਗਲੇ ਬਣਾਏ ਸਨ, ਉਨ੍ਹਾਂ ਨੂੰ ਵੀ ਬੁਲਡੋਜ਼ਰ ਕਰ ਦਿੱਤਾ ਗਿਆ ਹੈ। ਇਸ ਵੇਲੇ ਛੋਟੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਜਲਦੀ ਹੀ ਵੱਡੇ ਤਸਕਰਾਂ ਦੀ ਵਾਰੀ ਵੀ ਆਵੇਗੀ। ਅਸੀਂ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕਰਦੇ ਹਾਂ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਜਿਹੜੇ ਪੁਲਿਸ ਕਰਮਚਾਰੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਸਨ ਅਤੇ ਛਾਪੇਮਾਰੀ ਤੋਂ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਦਿੰਦੇ ਸਨ, ਉਨ੍ਹਾਂ ਦਾ ਵੀ ਵੱਡੇ ਪੱਧਰ ‘ਤੇ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਵੇਲੇ ਇਹ ਮੁਹਿੰਮ ਪੂਰੀ ਤਾਕਤ ਨਾਲ ਚੱਲ ਰਹੀ ਹੈ ਅਤੇ ਸਾਨੂੰ ਲੋਕਾਂ ਤੋਂ ਫੋਨ ਆ ਰਹੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਬਹੁਤ ਫ਼ਰਕ ਪਿਆ ਹੈ। ਹੁਣ ਨਸ਼ਾ ਤਸਕਰਾਂ ਲਈ ਆਸਾਨੀ ਨਾਲ ਨਸ਼ੇ ਵੇਚਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ, “ਅਸੀਂ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ ਅਤੇ ਅਸੀਂ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟਾਂਗੇ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments