ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਫ਼ੈੈਸਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਵੱਡਾ ਬਿਆਨ ਦਿੱਤਾ। ਮਾਨ ਨੇ ਕਿਹਾ ਕਿ ਉਹ ਭਾਜਪਾ ਦੇ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਅਤੇ ਇਸ ਵਿੱਚ ਪੰਜਾਬ ਦੀ ਭਾਗੀਦਾਰੀ ਖਤਮ ਕਰਨ ਦੇ ਫ਼ੈੈਸਲੇ ਦੀ ਸਖ਼ਤ ਨਿੰਦਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਵਿਰੁੱਧ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਪੰਜਾਬ ਯੂਨੀਵਰਸਿਟੀ ਉਨ੍ਹਾਂ ਦੀ ਵਿਰਾਸਤ ਹੈ ਅਤੇ ਉਹ ਇਸਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ ਤਾਂ ਉਹ ਉੱਥੇ ਵੀ ਜਾਣਗੇ। ਉਹ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਨ ਅਤੇ ਉਹ ਇਸ ਧੱਕੇਸ਼ਾਹੀ ਨੂੰ ਨਹੀਂ ਹੋਣ ਦੇਣਗੇ। ਭਾਜਪਾ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ। ਕੇਂਦਰ ਸਰਕਾਰ ਕਿਸੇ ਵੀ ਨੋਟੀਫਿਕੇਸ਼ਨ ਰਾਹੀਂ ਵਿਧਾਨ ਸਭਾ ਵਿੱਚ ਪਾਸ ਕੀਤੇ ਐਕਟ ਨੂੰ ਰੱਦ ਨਹੀਂ ਕਰ ਸਕਦੀ।
ਇਸ ਫ਼ੈੈਸਲੇ ਨਾਲ ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਿਵਸ ‘ਤੇ ਭਾਜਪਾ ਨੇ ਪੰਜਾਬੀਆਂ ਨੂੰ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੇ ਦਿਲਾਂ ਵਿੱਚ ਪੰਜਾਬ ਪ੍ਰਤੀ ਨਫ਼ਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਅਤੇ ਉਹ ਇਸਨੂੰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਇਸ ਬੇਇਨਸਾਫ਼ੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਇੱਕ ਚੋਟੀ ਦੇ ਵਕੀਲ ਨੂੰ ਨਿਯੁਕਤ ਕਰਕੇ ਪੰਜਾਬ ਲਈ ਖੜ੍ਹੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
