ਪਟਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਿਹਾਰ ਸਥਿਤ ਪਵਿੱਤਰ ਤਖ਼ਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇੱਕ ਨਾ-ਮੁਆਫ਼ੀਯੋਗ ਜੁਰਮ ਹੈ ਅਤੇ ਇਸ ਤਰ੍ਹਾਂ ਦੀ ਹਰਕਤ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਜੇ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰੇਗਾ ਤਾਂ ਉਸ ਨੂੰ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਉਨ੍ਹਾਂ ਦੇ ਅਨੁਸਾਰ, ਗੁਰੂ ਸਾਹਿਬਾਨ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਕਰਨਾ ਹਰ ਇਕ ਦਾ ਇਖਲਾਕੀ ਫਰਜ਼ ਹੈ।
ਪਟਨਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ‘ਤੇ ਮੱਥਾ ਟੇਕ ਕੇ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਪ੍ਰੇਰਣਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ ਅਤੇ ਭਾਈਚਾਰੇ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਏਕਤਾ ਹੋਰ ਮਜ਼ਬੂਤ ਹੋਵੇ ਅਤੇ ਸੂਬਾ ਹਰ ਖੇਤਰ ਵਿੱਚ ਤਰੱਕੀ ਕਰਦਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਨਾਲ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਲਈ ਨਵਾਂ ਉਤਸ਼ਾਹ ਅਤੇ ਜੋਸ਼ ਮਿਲਿਆ ਹੈ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹੇ।











