Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਵੱਡਾ ਐਲਾਨ

0

ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਦੀ ਅਨਾਜ ਮੰਡੀ ਵਿਖੇ ਇੱਕ ਰੈਲੀ ਦੌਰਾਨ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਲਈ ਜ਼ਮੀਨ ਦੀ ਵੰਡ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਜ਼ਮੀਨਾਂ ਦੀ ਵੰਡ (ਤਕਸੀਮ) ਇੱਕ ਵੱਡੀ ਸਮੱਸਿਆ ਹੈ, ਜਿਸ ਕਾਰਨ ਲੋਕਾਂ ਨੂੰ ਪਟਵਾਰੀਆਂ ਅਤੇ ਤਹਿਸੀਲਦਾਰਾਂ ਕੋਲ ਲਗਾਤਾਰ ਚੱਕਰ ਲਗਾਉਣੇ ਪੈਂਦੇ ਹਨ ਅਤੇ ਉਨ੍ਹਾਂ ਦੀਆਂ ਜੇਬਾਂ ਭਰਨੀਆਂ ਪੈਂਦੀਆਂ ਹਨ। ਇਸ ਨੂੰ ਹੱਲ ਕਰਨ ਲਈ ਉਨ੍ਹਾਂ ਨੇ ਨਵੀਂ ਸਕੀਮ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ, ਇਹ ਸਕੀਮ ਵਿਸਾਖੀ ਵਾਲੇ ਦਿਨ, ਯਾਨੀ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਜਿਨ੍ਹਾਂ ਕੇਸਾਂ ਵਿੱਚ ਆਪਸੀ ਸਹਿਮਤੀ ਹੋਵੇਗੀ, ਉਨ੍ਹਾਂ ਦੀ ਤਕਸੀਮ ਦਾ ਕੰਮ 30 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਜੇਕਰ ਪਰਿਵਾਰ ਵਿੱਚ ਭੈਣਾਂ, ਭਰਾਵਾਂ ਅਤੇ ਭੂਆ ਸਮੇਤ ਸਾਰੇ ਮੈਂਬਰਾਂ ਦੀ ਆਪਸੀ ਸਹਿਮਤੀ ਹੈ, ਤਾਂ ਉਹ ਤਹਿਸੀਲ ਵਿੱਚ ਜਾਂ ਪਟਵਾਰੀ ਨੂੰ ਦਰਖ਼ਾਸਤ ਦੇ ਕੇ ਆਪਣੀ ਜ਼ਮੀਨ ਦੀ ਵੰਡ ਕਰਵਾ ਸਕਦੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਟਵਾਰੀ ਅਤੇ ਤਹਿਸੀਲਦਾਰ ਖੁਦ ਪਿੰਡਾਂ ਵਿੱਚ ਆ ਕੇ ਸਾਰੇ ਪਰਿਵਾਰਕ ਮੈਂਬਰਾਂ ਦੇ ਦਸਤਖ਼ਤ ਕਰਵਾ ਕੇ ਤਕਸੀਮ ਦੀ ਪ੍ਰਕਿਰਿਆ ਪੂਰੀ ਕਰਨਗੇ। ਜਿਨ੍ਹਾਂ ਲੋਕਾਂ ਦੇ ਜ਼ਮੀਨੀ ਝਗੜੇ ਚੱਲ ਰਹੇ ਹਨ, ਉਨ੍ਹਾਂ ਨੂੰ ਅਦਾਲਤ ਤੋਂ ਆਰਡਰ ਲੈ ਕੇ ਆਉਣ ਲਈ ਕਿਹਾ ਗਿਆ ਹੈ, ਜਿਸ ਦੇ ਆਧਾਰ ‘ਤੇ ਵੰਡ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਕੀਲਾਂ ‘ਤੇ ਬੇਲੋੜਾ ਖਰਚਾ ਕਰਨ ਦੀ ਬਜਾਏ ਆਪਸੀ ਸਹਿਮਤੀ ਨਾਲ ਝਗੜੇ ਨਿਬੇੜ ਕੇ ਇਸ ਸਕੀਮ ਦਾ ਲਾਭ ਲੈਣ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਝੋਨੇ ਦੇ ਸੀਜ਼ਨ ਤੱਕ ਅਤੇ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਸਾਰੇ ਪੰਜਾਬ ਵਿੱਚ ਤਕਸੀਮਾਂ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਰਿਸ਼ਵਤਖੋਰੀ ਖਤਮ ਹੋਵੇਗੀ ਅਤੇ ਲੋਕਾਂ ਦੀ ਖੱਜਲ-ਖੁਆਰੀ ਬੰਦ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version