ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਬਾਰਡਰ ਐਂਡ ਕੰਢੀ ਏਰੀਆ ਵਿਕਾਸ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਾਂਝੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਢੀ ਖੇਤਰ ਇੱਕ ਸ਼ਾਨਦਾਰ ਸੈਰ-ਸਪਾਟਾ ਕੇਂਦਰ ਵਜੋਂ ਉਭਰਨ ਦੀ ਅਪਾਰ ਸੰਭਾਵਨਾਵਾਂ ਰੱਖਦਾ ਹੈ, ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੀ ਵਿਸ਼ਾਲ ਸੈਰ-ਸਪਾਟਾ ਸਮਰੱਥਾ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਸ ਖਿੱਤੇ ਦੀ ਅਣਵਰਤੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀ ਅਪਾਰ ਸੈਰ-ਸਪਾਟਾ ਸਮਰੱਥਾ ਨੂੰ ਉਜਾਗਰ ਕਰਨ ਅਤੇ ਇਸ ਦੀ ਕੁਦਰਤੀ ਸੁੰਦਰਤਾ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਖ਼ਤ ਕਦਮ ਚੁੱਕੇ ਹਨ। ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਸਰਕਾਰ ਦੇ ਵਿਕਾਸ ਏਜੰਡੇ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਉਭਰੇਗਾ।” ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਉਨ੍ਹਾਂ ਕਿਹਾ, “ਸੂਬਾ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ, ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ। ਇਹ ਧਰਤੀ ਮਹਾਨ ਗੁਰੂਆਂ ਦੀ ਬਖਸ਼ਿਸ਼ ਵਾਲੀ ਹੈ ਅਤੇ ਇੱਥੇ ਮਿਹਨਤੀ ਤੇ ਬਹਾਦਰ ਲੋਕ ਵੱਸਦੇ ਹਨ।” ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਪੈਦਾ ਹੋਏ ਮਹਾਨ ਦੇਸ਼ ਭਗਤਾਂ ਅਤੇ ਰਾਸ਼ਟਰਵਾਦੀਆਂ ਦੇ ਦੇਸ਼ ਲਈ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਨੂੰ ਵਿਕਾਸ ਦੇ ਬਰਾਬਰ ਮੁੱਹਈਆ ਨਹੀਂ ਕਰਵਾਇਆ। ਇਸ ਨੇ ਉਹ ਵਿਕਾਸ ਨਹੀਂ ਦੇਖਿਆ ਜਿਸਦਾ ਇਹ ਹੱਕਦਾਰ ਸੀ। ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਅਸੀਂ ਸਰਹੱਦੀ ਖੇਤਰਾਂ ਵਿਚ ਰਹਿੰਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ਼ ਭਗਤ ਹਨ ਅਤੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।












