Home ਪੰਜਾਬ ਝੋਨੇ ਦੀ ਖਰੀਦ ਸੰਬੰਧੀ ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ...

ਝੋਨੇ ਦੀ ਖਰੀਦ ਸੰਬੰਧੀ ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮਾਨ ਦੀ ਸਿੱਧੀ ਚਿਤਾਵਨੀ

0

ਚੰਡੀਗੜ੍ਹ: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਆਉਣ ਦਾ ਦਾਅਵਾ ਕਰਦੇ ਹੋਏ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਪੰਜਾਬ ਵਿੱਚ ਸੁਚਾਰੂ ਅਤੇ ਸਮੇਂ ਸਿਰ ਖਰੀਦ ਦੇ ਇਤਿਹਾਸ ਨੂੰ ਦੁਹਰਾਏਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੀਤੇ ਦਿਨ ਇੱਥੇ ਇੱਕ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਜਲਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਉੱਥੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਝੋਨੇ ਦੀ ਖਰੀਦ 15 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ 175 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਜਾ ਚੁੱਕੇ ਹਨ। ਸੁਚਾਰੂ ਅਤੇ ਨਿਰਵਿਘਨ ਝੋਨੇ ਦੀ ਖਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਗਈ ਫ਼ਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।

ਪੰਜਾਬ ਮੰਡੀ ਬੋਰਡ ਨੇ ਸਾਉਣੀ ਖਰੀਦ ਸੀਜ਼ਨ 2025-26 ਦੇ ਵਿੱਚ ਝੋਨੇ ਦੀ ਖਰੀਦ ਲਈ 1,822 ਨਿਯਮਤ ਖਰੀਦ ਕੇਂਦਰ ਨੋਟੀਫਾਈ ਕੀਤੇ ਹਨ। ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਵੀ ਕੀਤੀ। ਝੋਨੇ ਦੀ ਖਰੀਦ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਸਰਕਾਰ ਨੇ ਪੰਜਾਬ ਵਿੱਚ ਪਾਰਦਰਸ਼ੀ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version