ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਭਗਵਾਨ ਵਿਸ਼ਵਕਰਮਾ ਜਯੰਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਅਤੇ ਸੇਵਾ ਦਿਵਸ ਦੇ ਸ਼ੁਭ ਮੌਕੇ ‘ਤੇ ‘ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਸੂਬੇ ਵਿੱਚ 1 ਲੱਖ 80 ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਸਾਰੀਆਂ ਯੋਗ ਭੈਣਾਂ ਅਤੇ ਧੀਆਂ ਨੂੰ ਵੀ ਇਸ ਸਕੀਮ ਦਾ ਲਾਭ ਮਿਲੇਗਾ।
ਅੱਜ ਤੋਂ ਇਸ ਸਕੀਮ ਦੇ ਨਵੇਂ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਹਰੇਕ ਯੋਗ ਬੱਚੇ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ। ਸੀ.ਐਮ ਸੈਣੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿੱਚ ਸਾਡੀ ਡਬਲ ਇੰਜਣ ਵਾਲੀ ਸਰਕਾਰ ਮਾਵਾਂ-ਭੈਣਾਂ ਦੇ ਸਨਮਾਨ, ਸਵੈ-ਮਾਣ ਅਤੇ ਆਰਥਿਕ ਸਸ਼ਕਤੀਕਰਨ ਲਈ ਕੰਮ ਕਰ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਲਈ ਪਹਿਲਾਂ ਪਰਿਵਾਰ ਦੀ ਵੱਧ ਤੋਂ ਵੱਧ ਸਾਲਾਨਾ ਆਮਦਨ 1 ਲੱਖ ਰੁਪਏ ਰੱਖੀ ਗਈ ਸੀ, ਜਿਸ ਨੂੰ ਹੁਣ ਵਧਾ ਕੇ 1.80 ਲੱਖ ਰੁਪਏ ਕੀਤਾ ਜਾ ਰਿਹਾ ਹੈ। ਇਸ ਨਾਲ ਵੱਡੀ ਗਿਣਤੀ ‘ਚ ਹੋਰ ਔਰਤਾਂ ਇਸ ਯੋਜਨਾ ਦੇ ਦਾਇਰੇ ‘ਚ ਆਉਣਗੀਆਂ। ਅੱਜ ਨਵਾਂ ਰਜਿਸਟ੍ਰੇਸ਼ਨ ਪੋਰਟਲ ਖੋਲ੍ਹਿਆ ਗਿਆ ਹੈ। ਸਕੀਮ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਸਰਕਾਰ ਨੇ ਪਹਿਲੇ ਬਜਟ ਵਿੱਚ ਇਸ ਲਈ 5,000 ਕਰੋੜ ਰੁਪਏ ਦੀ ਵਿਵਸਥਾ ਕੀਤੀ ਸੀ। ਹੁਣ ਤੱਕ ਕਰੀਬ 10 ਲੱਖ ਔਰਤਾਂ ਦੇ ਖਾਤਿਆਂ ‘ਚ 2,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ। ਦੂਜੇ ਬਜਟ ਵਿੱਚ ਇਸ ਯੋਜਨਾ ਲਈ 6500 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਸਕੀਮ ਦਾ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾ ਕੇ ਆਤਮ ਨਿਰਭਰ ਬਣਾਉਣਾ ਹੈ। ਜੇਕਰ ਔਰਤ ਮਜ਼ਬੂਤ ਹੋਵੇਗੀ ਤਾਂ ਪਰਿਵਾਰ ਵੀ ਮਜ਼ਬੂਤ ਹੋਵੇਗਾ।












