ਪੰਜਾਬ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਅਤੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਦਾ ਸੱਦਾ ਦਿੱਤਾ। ਅੱਜ ਆਪਣੀ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।
ਬਹਾਦਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਕੁਰਬਾਨੀ, ਤਪੱਸਿਆ, ਸਾਹਸ ਅਤੇ ਸ਼ਰਧਾ ਦੀ ਅਮਰ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਪੰਜਾਬ ਦੇ ਹਰ ਪਰਿਵਾਰ ਦੀ ਸੁੱਖ-ਸਾਂਤੀ, ਖੁਸ਼ਹਾਲੀ ਅਤੇ ਭਲਾਈ ਦੀ ਕਾਮਨਾ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਹਾਜ਼ਰ ਸਨ।
ਰੇਖਾ ਗੁਪਤਾ ਨੇ ਅੱਜ ਪੰਜਾਬ ਵਿੱਚ ਆਯੋਜਿਤ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਸਾਰਿਆਂ ਦੇ ਜੀਵਨ ਵਿੱਚ ਸੇਵਾ, ਸੱਚਾਈ ਅਤੇ ਸਦਭਾਵਨਾ ਦੀ ਰੌਸ਼ਨੀ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਦੀ ਮੇਹਰ ਸਭ ‘ਤੇ ਬਣੀ ਰਹੇ। ਇਸ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
