Homeਪੰਜਾਬਚੌਂਕ ਕਰੋੜੀ ਵਿਵਾਦ: ਪੁਲਿਸ ਅਤੇ ਨਿਗਮ ਦੀ ਹਾਜ਼ਰੀ ਵਿੱਚ ਮੁੜ ਬਣੀ ਕੰਧ,...

ਚੌਂਕ ਕਰੋੜੀ ਵਿਵਾਦ: ਪੁਲਿਸ ਅਤੇ ਨਿਗਮ ਦੀ ਹਾਜ਼ਰੀ ਵਿੱਚ ਮੁੜ ਬਣੀ ਕੰਧ, ਪੀੜਤ ਪਰਿਵਾਰ ਨੇ ਕੀਤਾ ਪ੍ਰਸ਼ਾਸਨ ਦਾ ਧੰਨਵਾਦ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਚੌਂਕ ਕਰੋੜੀ ਇਲਾਕੇ ਵਿੱਚ ਕੰਧ ਨੂੰ ਲੈ ਕੇ ਪਿਛਲੇ ਦਿਨੀਂ ਹੋਏ ਹੰਗਾਮੇ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਵਿਵਾਦਤ ਕੰਧ, ਜਿਸਨੂੰ ਕੁਝ ਦਿਨ ਪਹਿਲਾਂ ਤੋੜ ਦਿੱਤਾ ਗਿਆ ਸੀ, ਹੁਣ ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਦੁਬਾਰਾ ਉਸਾਰੀ ਗਈ ਹੈ। ਇਸ ਦੌਰਾਨ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।

ਪੀੜਤ ਪਰਿਵਾਰ ਨੇ ਇਸ ਕਾਰਵਾਈ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਮੌਕੇ ’ਤੇ ਮੌਜੂਦ ਸੋਨੀਆ ਬਾਵਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਬੇਇਨਸਾਫ਼ੀ ਹੋਈ ਸੀ ਜਦੋਂ ਕੁਝ ਲੋਕਾਂ ਨੇ ਜ਼ਬਰਦਸਤੀ ਕੰਧ ਤੋੜ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪਰਿਵਾਰ ਕਾਫ਼ੀ ਪਰੇਸ਼ਾਨ ਸੀ, ਪਰ ਹੁਣ ਪੁਲਿਸ ਅਤੇ ਕਾਰਪੋਰੇਸ਼ਨ ਦੀ ਮੌਜੂਦਗੀ ਵਿੱਚ ਕੰਧ ਦੁਬਾਰਾ ਬਣ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਗੀ ਹੈ।

ਦੂਜੇ ਪਾਸੇ ਕਮਲਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਪਰਸੋਂ ਕੁਝ ਲੋਕ ਨਿਹੰਗ ਸਿੰਘਾਂ ਨੂੰ ਨਾਲ ਲੈ ਕੇ ਆਏ ਅਤੇ ਜ਼ਬਰਦਸਤੀ ਉਨ੍ਹਾਂ ਦੀ ਕੰਧ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਪ੍ਰਸ਼ਾਸਨ ਦੀ ਦੇਖਰੇਖ ਹੇਠ ਕੰਧ ਦੀ ਉਸਾਰੀ ਪੂਰੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਕੋਈ ਵੀ ਇਸ ਨੂੰ ਹਟਾ ਨਹੀਂ ਸਕੇਗਾ। ਕਮਲਪ੍ਰੀਤ ਮੁਤਾਬਕ ਇਸ ਮਾਮਲੇ ਵਿੱਚ ਕੁਝ ਲੋਕਾਂ ਖ਼ਿਲਾਫ਼ ਪਰਚੇ ਵੀ ਦਰਜ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇੱਕ ਮਹਿਲਾ ਵੱਲੋਂ ਉਨ੍ਹਾਂ ਦੇ ਪਿਤਾ ’ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਇਸ ਸਬੰਧੀ ਸੀਸੀਟੀਵੀ ਫੁਟੇਜ ਪੁਲਿਸ ਕਮਿਸ਼ਨਰ ਨੂੰ ਸੌਂਪੀ ਜਾ ਚੁੱਕੀ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਮਹਿਲਾ ਅਤੇ ਉਸਦੇ ਦੋ ਬੱਚਿਆਂ ਖ਼ਿਲਾਫ਼ ਵੀ ਤੁਰੰਤ ਕਾਰਵਾਈ ਕੀਤੀ ਜਾਵੇ, ਜੋ ਹਾਲੇ ਤੱਕ ਗ੍ਰਿਫ਼ਤਾਰੀ ਤੋਂ ਬਾਹਰ ਹਨ।

ਮੌਕੇ ’ਤੇ ਨਗਰ ਨਿਗਮ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ, ਪਰ ਜਦੋਂ ਮੀਡੀਆ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਸਾਹਮਣੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਚੌਂਕ ਕਰੋੜੀ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਦੱਸਿਆ ਜਾ ਰਿਹਾ ਹੈ। ਲੋਕਾਂ ਦੀ ਨਜ਼ਰ ਹੁਣ ਪੁਲਿਸ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ’ਤੇ ਟਿਕੀ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments