ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਹਾਲੀ ਅਤੇ ਪੰਜਾਬ ਭਰ ‘ਚ ‘ਆਪ’ ਲੀਡਰਸ਼ਿਪ ਅਤੇ ਵਰਕਰਾਂ (AAP Leadership And Workers) ਵਲੋਂ ਮੋਹਾਲੀ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਆਗੂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਬਲਕਾਰ ਸਿੰਘ ਤੇ ਅਮਨ ਅਰੋੜਾ ਵੀ ਪਹੁੰਚੇ ਹਨ।
ਇਸ ਦੌਰਾਨ ਪੁਲਿਸ ਨੇ ਚੰਡੀਗੜ੍ਹ ਵੱਲ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾ ਮੰਨੇ ਤਾਂ ਉਨ੍ਹਾਂ ’ਤੇ ਪਾਣੀ ਦੀ ਬੋਛਾਰ ਕੀਤੀ ਗਈ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਰਮਚਾਰੀ ਲਗਾਤਾਰ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ। ਪਾਰਟੀ ਵਰਕਰ ਮੋਹਾਲੀ ਤੋਂ ਗਵਰਨਰ ਹਾਊਸ ਤੱਕ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਕੇਜਰੀਵਾਲ ਹੀ ਅਜਿਹੇ ਨੇਤਾ ਹਨ ਜੋ ਹਰ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਘੇਰਦੇ ਹਨ ਅਤੇ ਇਸੇ ਕਾਰਨ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਬਹੁਤ ਕੁਝ ਕਰਨਾ ਪਵੇਗਾ ਅਤੇ ਲੋਕ ਸਭ ਕੁਝ ਬਦਲ ਦੇਣਗੇ। ਆਗੂਆਂ ਨੇ ਕਿਹਾ ਕਿ ਉਹ ਕੇਜਰੀਵਾਲ ਸਾਹਿਬ ਦੀ ਗ੍ਰਿਫਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਪ੍ਰਧਾਨ ਮੰਤਰੀ ਮੋਦੀ ਨੂੰ ਮੂੰਹ ਤੋੜ ਜਵਾਬ ਦੇਵੇਗੀ।
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਈਡੀ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਉਸ ਸਮੇਂ ਉਨ੍ਹਾਂ ਦੇ ਘਰ ਦੀ ਪੂਰੀ ਤਲਾਸ਼ੀ ਲਈ ਗਈ ਸੀ ਅਤੇ ਉਨ੍ਹਾਂ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਕਰੀਬ 2 ਘੰਟੇ ਦੀ ਜਾਂਚ ਤੋਂ ਬਾਅਦ ਈਡੀ ਨੇ ਸ਼ਰਾਬ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ ।