Home ਪੰਜਾਬ CM ਮਾਨ ਦੀ 7 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਅੱਜ

CM ਮਾਨ ਦੀ 7 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਅੱਜ

0

ਚੰਡੀਗੜ੍ਹ: ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅਗਲੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਨਿਵਾਸ ’ਤੇ ਇਸ ਮਾਮਲੇ ਸਬੰਧੀ ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ ਪੱਧਰੀ ਕਮੇਟੀ ਨਾਲ ਮੀਟਿੰਗ ਕਰਨਗੇ।

ਮੀਟਿੰਗ ਦੌਰਾਨ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਦੇ ਵੱਖ-ਵੱਖ ਕਾਨੂੰਨੀ ਅਤੇ ਪ੍ਰਕਿਰਿਆਤਮਕ ਪੱਖਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਪੈਨਲ ਨਾਲ ਤਾਲਮੇਲ ਕਰਕੇ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਵਾਂ ’ਤੇ ਵੀ ਚਰਚਾ ਹੋਵੇਗੀ।

ਸੂਬਾ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ. (ਰਿਟਾਇਰਡ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹਾ ਕਾਨੂੰਨੀ ਢਾਂਚਾ ਤਿਆਰ ਕਰਨ ਲਈ ਕੰਮ ਕਰ ਰਹੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰਾ ਪ੍ਰਭਾਵਿਤ ਕੀਤਾ ਹੈ।

ਉਨ੍ਹਾਂ ਮੁਤਾਬਕ, ਐਕਟ ਨੂੰ ਤਿਆਰ ਕਰਦੇ ਸਮੇਂ ਕਾਨੂੰਨੀ ਮਾਹਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ, ਜਦਕਿ ਹੁਣ ਪ੍ਰਸਤਾਵਿਤ ਸੋਧਾਂ ਦੀ ਮੁੜ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ’ਤੇ ਹੈ ਕਿ ਕਾਨੂੰਨ ਵਿੱਚ ਅਜਿਹੀਆਂ ਕੋਈ ਕਾਨੂੰਨੀ ਖਾਮੀਆਂ ਨਾ ਰਹਿ ਜਾਣ, ਜਿਨ੍ਹਾਂ ਦਾ ਭਵਿੱਖ ਵਿੱਚ ਗਲਤ ਫਾਇਦਾ ਲਿਆ ਜਾ ਸਕੇ।

CM ਮਾਨ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰਾ ਕਰਕੇ ਸਰਕਾਰ ਨੂੰ ਆਪਣੀ ਰਾਏ ਅਤੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਸੋਧਾਂ ਨੂੰ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਅੱਗੇ ਵਧਾਇਆ ਜਾਵੇਗਾ।

ਮੀਟਿੰਗ ਵਿੱਚ ਹੋਣ ਵਾਲੇ ਵਿਚਾਰ-ਵਟਾਂਦਰੇ ਤੋਂ ਬਾਅਦ ਐਕਟ ਵਿੱਚ ਪ੍ਰਸਤਾਵਿਤ ਤਬਦੀਲੀਆਂ ਸਬੰਧੀ ਅਗਲੀ ਕਾਰਵਾਈ ਤੈਅ ਕੀਤੇ ਜਾਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version