ਪੰਜਾਬ ਦੇ ਲੋਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸੂਬੇ ਵਿੱਚ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਅੱਜ ਵਰਚੁਅਲ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਇਸ ਫ਼ੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਮੁਹਿੰਮ ਤਹਿਤ 7 ਲੱਖ ਨਵੇਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਫ਼ੈਸਲੇ ਨਾਲ ਸੂਬੇ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਇਸ ਪ੍ਰਕਿਰਿਆ ਦੌਰਾਨ ਰਹਿ ਗਏ ਹਨ, ਉਹ ਮੁੜ ਫਾਰਮ ਭਰ ਕੇ ਅਰਜ਼ੀ ਦੇ ਸਕਦੇ ਹਨ। ਇਸ ਨਾਲ ਰਾਸ਼ਨ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਯੋਗ ਪਰਿਵਾਰਾਂ ਨੂੰ ਵੀ ਮੌਕਾ ਮਿਲੇਗਾ।
ਦੱਸ ਦੇਈਏ ਕਿ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਪਹਿਲਾਂ ਤੋਂ ਬਣੇ ਕਾਰਡਾਂ ਵਿੱਚ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਦਰਜ ਕਰਵਾਉਣ ਲਈ 22 ਜੁਲਾਈ ਤੋਂ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ।
ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿਲੋ ਕਣਕ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਮੁਹੱਈਆ ਕਰਵਾਈ ਜਾਣੀ ਹੈ। ਸਰਕਾਰ ਦੇ ਇਸ ਕਦਮ ਨਾਲ ਰਾਸ਼ਨ ਸਕੀਮ ਦਾ ਲਾਭ ਹੋਰ ਪਰਿਵਾਰਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।










