Homeਪੰਜਾਬਧੂਰੀ ਦੇ ਯੁਵਾ ਮੇਲੇ ’ਚ CM ਮਾਨ ਦਾ ਸੰਦੇਸ਼, ਪੜ੍ਹਾਈ ਤੇ ਮਿਹਨਤ...

ਧੂਰੀ ਦੇ ਯੁਵਾ ਮੇਲੇ ’ਚ CM ਮਾਨ ਦਾ ਸੰਦੇਸ਼, ਪੜ੍ਹਾਈ ਤੇ ਮਿਹਨਤ ’ਤੇ ਦਿਓ ਧਿਆਨ

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿੱਚ ਕਰਵਾਏ ਗਏ ਖੇਤਰੀ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਰਚਨਾਤਮਕਤਾ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ।

70 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਯੋਗਤਾ ਦੇ ਆਧਾਰ ’ਤੇ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਅਤੇ ਮਿਹਨਤ ’ਤੇ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ ਲਈ ਵਚਨਬੱਧ ਹੈ।

39 ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

ਖੇਤਰੀ ਯੁਵਾ ਮੇਲੇ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੇਲੇ ਦੌਰਾਨ ਚਾਰ ਪੜਾਵਾਂ ਵਿੱਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।

ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇਸ ਦੇ ਯੁਵਕ ਭਲਾਈ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਯੁਵਾ ਮੇਲੇ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਸਿੱਖਿਆ ਦੇ ਨਾਲ ਕਲਾ ਤੇ ਸੱਭਿਆਚਾਰ ਵੀ ਜ਼ਰੂਰੀ

ਮੁੱਖ ਮੰਤਰੀ ਨੇ ਕਿਹਾ ਕਿ ਸੰਗੀਤ, ਨਾਚ, ਥੀਏਟਰ, ਸਾਹਿਤ ਅਤੇ ਲੋਕ ਕਲਾਵਾਂ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਆਪਸੀ ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਵੀ ਹੈ।

ਜਿੱਤਣ ਵਾਲੇ ਨਿਮਰ ਰਹਿਣ, ਹਾਰਨ ਵਾਲੇ ਹੋਰ ਮਿਹਨਤ ਕਰਨ

ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਕਾਬਲੇ ਵਿੱਚ ਹਿੱਸਾ ਲੈਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਨਿਮਰ ਰਹਿਣ ਅਤੇ ਦੂਜੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਨਿਰਾਸ਼ ਹੋਣ ਦੀ ਬਜਾਏ ਹੋਰ ਮਿਹਨਤ ਕਰਨ ਦੀ ਸਲਾਹ ਦਿੱਤੀ।

ਉਨ੍ਹਾਂ ਇਹ ਵੀ ਕਿਹਾ ਕਿ ਯੁਵਾ ਮੇਲਿਆਂ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਦਿੰਦੇ ਹਨ।

‘ਰੰਗਲਾ ਪੰਜਾਬ’ ਲਈ ਨੌਜਵਾਨਾਂ ਨੂੰ ਮੌਕੇ ਦੇਣ ’ਤੇ ਜ਼ੋਰ

ਮੁੱਖ ਮੰਤਰੀ ਨੇ ਪੰਜਾਬ ਨੂੰ ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਦੇ ਆਪਣੇ ਟੀਚੇ ਨੂੰ ਦੁਹਰਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਗਿਆਨ, ਆਤਮ-ਵਿਸ਼ਵਾਸ ਅਤੇ ਹੁਨਰ ਨਾਲ ਲੈਸ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ’ਤੇ ਭਰੋਸਾ ਰੱਖਣ ਦੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments