ਚੰਡੀਗੜ੍ਹ: ਹਰਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਗੰਭੀਰ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਹੋਡਲ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਕਰੀਬ 12 ਮੰਗਾਂ ਨੂੰ ਸਵੀਕਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੰਗਾਂ ‘ਤੇ ਵੀ ਵਿਚਾਰ-ਵਟਾਂਦਰਾ ਜਾਰੀ ਹੈ।
‘ਸਫਾਈ ਪ੍ਰਬੰਧਾਂ ਦੀ ਅਹਿਮ ਕੜੀ ਹਨ ਕਰਮਚਾਰੀ’
ਮੁੱਖ ਮੰਤਰੀ ਨੇ ਕਿਹਾ ਕਿ ਸਫਾਈ ਕਰਮਚਾਰੀ ਸੂਬੇ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਦਾ ਹੱਲ ਕੱਢਿਆ ਜਾਵੇ ਅਤੇ ਕਿਸੇ ਵੀ ਮਸਲੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹੜਤਾਲ ਦੌਰਾਨ ਕਈ ਸਫਾਈ ਕਰਮਚਾਰੀ ਮੁੜ ਆਪਣੀਆਂ ਡਿਊਟੀਆਂ ‘ਤੇ ਵਾਪਸ ਆ ਚੁੱਕੇ ਹਨ।
CM ਦੀ ਕਰਮਚਾਰੀਆਂ ਨੂੰ ਅਪੀਲ
ਨਾਇਬ ਸਿੰਘ ਸੈਣੀ ਨੇ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤ ਅਤੇ ਸੂਬੇ ਦੀ ਸਫਾਈ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਪਣਾ ਸਹਿਯੋਗ ਜਾਰੀ ਰੱਖਣ ਅਤੇ ਕੰਮ ‘ਤੇ ਵਾਪਸ ਆਉਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸਕਾਰਾਤਮਕ ਰਵੱਈਆ ਰੱਖਦੀ ਹੈ ਅਤੇ ਬਾਕੀ ਮਸਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਜਨਹਿੱਤ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਸਫਾਈ ਵਿਵਸਥਾ ਦਾ ਚੱਲਦੇ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਨਹਿੱਤ ਨੂੰ ਪਹਿਲ ਦਿੰਦਿਆਂ ਆਪਣੀਆਂ ਡਿਊਟੀਆਂ ਸੰਭਾਲਣ।












