ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਸ਼ਮੀਰ ਘਾਟੀ ਦੇ ਕਈ ਇਲਾਕਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੈਰ-ਸਪਾਟੇ ਲਈ ਮਸ਼ਹੂਰ ਗੁਲਮਰਗ ਅਤੇ ਪਹਿਲਗਾਮ ਵਿੱਚ ਪਾਰਾ ਸਿਫ਼ਰ ਤੋਂ ਹੇਠਾਂ ਪਹੁੰਚ ਗਿਆ ਹੈ, ਜਦਕਿ ਸ਼੍ਰੀਨਗਰ ਵਿੱਚ ਵੀ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ।
ਮੌਸਮ ਸਬੰਧੀ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼ੋਪੀਆਂ ਜੰਮੂ-ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉੱਥੇ ਹੀ ਸ਼੍ਰੀਨਗਰ ਵਿੱਚ ਰਾਤ ਦਾ ਤਾਪਮਾਨ ਮਨਫ਼ੀ 0.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਤਾਪਮਾਨ ਮੌਸਮ ਦੇ ਔਸਤ ਨਾਲੋਂ 0.9 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਵਿੱਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲਿਆ, ਜਿੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 0.8 ਡਿਗਰੀ ਸੈਲਸੀਅਸ ਰਿਹਾ।
ਇਸੇ ਤਰ੍ਹਾਂ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸਥਿਤ ਮਸ਼ਹੂਰ ਸਕੀ ਰਿਜ਼ਾਰਟ ਗੁਲਮਰਗ ਦਾ ਤਾਪਮਾਨ ਮਨਫ਼ੀ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅਨੰਤਨਾਗ ਜ਼ਿਲ੍ਹੇ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਪਾਰਾ ਮਨਫ਼ੀ 2.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਕਸ਼ਮੀਰ ਦੇ ਇਨ੍ਹਾਂ ਇਲਾਕਿਆਂ ਵਿੱਚ ਲਗਾਤਾਰ ਡਿੱਗ ਰਹੇ ਤਾਪਮਾਨ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਤਾਪਮਾਨ ‘ਤੇ ਇੱਕ ਨਜ਼ਰ
| ਇਲਾਕਾ | ਘੱਟੋ-ਘੱਟ ਤਾਪਮਾਨ |
|---|---|
| ਸ਼ੋਪੀਆਂ | -3.4°C |
| ਪਹਿਲਗਾਮ | -2.8°C |
| ਗੁਲਮਰਗ | -1.0°C |
| ਸ਼੍ਰੀਨਗਰ | -0.2°C |
| ਕਾਜ਼ੀਗੁੰਡ |
-0.8°C |










