ਚੰਡੀਗੜ੍ਹ: ਪੰਚਕੂਲਾ ਦੇ ਮੋਰਨੀ ਹਿੱਲਜ਼ ਇਲਾਕੇ ਵਿੱਚ ਗੈਰ-ਕਾਨੂੰਨੀ ਗੈਸਟ ਹਾਊਸਾਂ ਦੀ ਉਸਾਰੀ ਅਤੇ ਸੰਚਾਲਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਇਲਾਕੇ ਵਿੱਚ ਨਵੇਂ ਗੈਸਟ ਹਾਊਸ ਬਣਾਉਣ ’ਤੇ ਪਾਬੰਦੀ ਲਾ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਕੋਈ ਨਵਾਂ ਗੈਸਟ ਹਾਊਸ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਨਾਲ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜੇਕਰ ਇਲਾਕੇ ਵਿੱਚ ਕੋਈ ਹੋਰ ਗੈਸਟ ਹਾਊਸ ਅਣਅਧਿਕਾਰਤ ਤੌਰ ‘ਤੇ ਚੱਲਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਸਥਾਨਕ ਨਿਵਾਸੀ ਯਾਦ ਰਾਮ ਅਤੇ ਹੋਰਨਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਗੈਸਟ ਹਾਊਸਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨਰਾਂ ਨੇ ਦਲੀਲ ਦਿੱਤੀ ਸੀ ਕਿ ਇਨ੍ਹਾਂ ਗੈਸਟ ਹਾਊਸਾਂ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਔਰਤਾਂ ਤੇ ਲੜਕੀਆਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਜ਼ਿਆਦਾਤਰ ਗੈਸਟ ਹਾਊਸ ਬਿਨਾਂ ਲੋੜੀਂਦੀ ਮਨਜ਼ੂਰੀ ਦੇ ਚੱਲ ਰਹੇ ਹਨ। ਪਟੀਸ਼ਨ ‘ਚ ਇਨ੍ਹਾਂ ਗਤੀਵਿਧੀਆਂ ‘ਤੇ ਰੋਕ ਲਗਾਉਣ ਅਤੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਅੱਗੇ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਮੋਰਨੀ ਇਲਾਕੇ ਵਿੱਚ ਅਣਅਧਿਕਾਰਤ ਤੌਰ ’ਤੇ ਚੱਲ ਰਹੇ ਗੈਸਟ ਹਾਊਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਅਜਿਹੇ ਕੁੱਲ 24 ਗੈਸਟ ਹਾਊਸਾਂ ਵਿੱਚੋਂ 22 ਨੂੰ ਸੀਲ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
