ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਮੰਗਲਵਾਰ ਨੂੰ ਕਾਂਗਰਸ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਉਸ ਵੇਲੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਪੁਲਿਸ ਨੇ ਵਿਰੋਧ ਕਰ ਰਹੇ ਆਗੂਆਂ ਅਤੇ ਵਰਕਰਾਂ ਨੂੰ ਹਟਾਉਣ ਲਈ ਕਾਰਵਾਈ ਕੀਤੀ। ਇਸ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਲਗਭਗ ਤਿੰਨ ਘੰਟਿਆਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ, ਕਾਂਗਰਸ ਦੇ ਆਗੂ ਅਤੇ ਵਰਕਰ ਦੁਪਹਿਰ ਕਰੀਬ 3:30 ਵਜੇ ਤੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨੇੜੇ ਧਰਨੇ ‘ਤੇ ਬੈਠੇ ਹੋਏ ਸਨ। ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਸ਼ਾਮ ਕਰੀਬ 6:30 ਵਜੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ।
ਸੂਤਰਾਂ ਮੁਤਾਬਕ, ਪ੍ਰਦਰਸ਼ਨ ਦੌਰਾਨ ਸਰਕਾਰੀ ਨੁਮਾਇੰਦਿਆਂ ਵੱਲੋਂ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ। ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੇ ਆਲੇ-ਦੁਆਲੇ ਘੇਰਾ ਬਣਾਕੇ ਪੁਲਿਸ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਕਾਫ਼ੀ ਦੇਰ ਤੱਕ ਤਣਾਅ ਬਣਿਆ ਰਿਹਾ। ਮੌਕੇ ‘ਤੇ ਧੱਕਾ-ਮੁੱਕੀ ਅਤੇ ਨਾਅਰੇਬਾਜ਼ੀ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕੇ ਗਏ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਕੇ ਪੁਲਿਸ ਬੱਸ ਰਾਹੀਂ ਥਾਣੇ ਲਿਜਾਇਆ ਗਿਆ। ਇਸ ਦੌਰਾਨ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਉਨ੍ਹਾਂ ਦੇ ਸਮਰਥਨ ਵਿੱਚ ਥਾਣੇ ਪਹੁੰਚੇ। ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਆਪਣੀ ਧੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨ ਲਈ ਪੁਲਿਸ ਸਟੇਸ਼ਨ ਪਹੁੰਚੀ।
ਕਾਂਗਰਸ ਨੇ ਇਸ ਕਾਰਵਾਈ ਨੂੰ ਲੋਕਤੰਤਰਿਕ ਅਧਿਕਾਰਾਂ ‘ਤੇ ਹਮਲਾ ਕਰਾਰ ਦਿੱਤਾ ਹੈ, ਜਦਕਿ ਪੁਲਿਸ ਅਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆ ਕਾਰਨਾਂ ਕਰਕੇ ਇਹ ਕਦਮ ਚੁੱਕੇ ਗਏ।
ਇਸ ਘਟਨਾ ਤੋਂ ਬਾਅਦ ਰਾਜਨੀਤਿਕ ਮਾਹੌਲ ਹੋਰ ਗਰਮਾ ਗਿਆ ਹੈ ਅਤੇ ਵਿਰੋਧੀ ਧਿਰ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣ ਦੇ ਸੰਕੇਤ ਦਿੱਤੇ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਤੇ ਰਾਜਨੀਤਿਕ ਬਿਆਨਬਾਜ਼ੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।












